ਖਾਲਸਾ ਕਾਲਜ ’ਚ ਬੰਦੀ ਸਿੱਖਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਗਈ ਖਾਲਸਾ ਕਾਲਜ ਵਿਚ ਬੰਦੀ ਸਿੱਖਾਂ ਦੀ ਰਿਹਾਈ /ਪੈਰੋਲ ਲਈ ਸਮੂਹਿਕ ਅਰਦਾਸ ਕੀਤੀ ਗਈ
Publish Date: Sun, 30 Aug 2026 04:35 PM (IST)
Updated Date: Sun, 30 Aug 2026 04:37 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈ ਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈ ਕਾ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੈਰੋਲ ਲਈ ਸਮੂਹਿਕ ਅਰਦਾਸ ਕੀਤੀ ਗਈ। ਇਹ ਸਮਾਗਮ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸਰਦਾਰ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਆਨਰੇਰੀ ਸਕੱਤਰ ਕਾਲਜ ਕਮੇਟੀ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿੱਚ ਧਾਰਮਿਕ ਅਧਿਆਪਕ ਸਰਦਾਰ ਮਨਪ੍ਰੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਪੂਰ ਹੈ ਅਤੇ ਮਨੁੱਖਤਾ ਦੇ ਹਿੱਤਾਂ ਲਈ ਸਿੱਖਾਂ ਨੇ ਹਮੇਸ਼ਾ ਸ਼ਹਾਦਤਾਂ ਅਤੇ ਤਸੀਹੇ ਝੱਲੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਦਾ ਅਹਿਮ ਕੌਮੀ ਮਸਲਾ ਬਣ ਚੁੱਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਕਾਲਜ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਸਮੇਤ ਸਮੂਹ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।