- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਬਠਿੰਡਾ ਵਿੱਚ ਵਿਸ਼ਾਲ ਕਿਸਾਨ ਕਾਨਫਰੰਸ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਬਠਿੰਡਾ ਵਿਖੇ ਵਿਸ਼ਾਲ ਕਿਸਾਨ ਕਾਨਫਰੰਸ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਦੇ ਉਲਟ ਨਵੇਂ ਖੇਤੀ ਕਾਨੂੰਨਾਂ ਰਾਹੀਂ ਕਿਸਾਨਾਂ ’ਤੇ ਹੋਰ ਬੋਝ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਸੂਬਿਆਂ ਦੇ ਅਧਿਕਾਰਾਂ ਵਿੱਚ ਕੇਂਦਰ ਵੱਲੋਂ ਦਖ਼ਲਅੰਦਾਜ਼ੀ ਕਰਨ ਦਾ ਵੀ ਵਿਰੋਧ ਕੀਤਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਕਿਸਾਨਾਂ ਲਈ ਕੋਈ ਠੋਸ ਨੀਤੀ ਨਹੀਂ ਲਿਆ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ ਵਿਖੇ ਸੱਤ ਦਿਨ ਚੱਲੇ ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਵੀ ਸਰਕਾਰ ਪਿੱਛੇ ਹਟ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਲਾਗੂ ਨਾ ਹੋਣ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੇਂਦਰ ਸਰਕਾਰ ਤੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਅਤੇ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ, ਪਰ ਕਿਸਾਨਾਂ ਦੇ ਕਰਜ਼ਿਆਂ ਬਾਰੇ ਸਰਕਾਰ ਚੁੱਪ ਹੈ। ਕਾਨਫਰੰਸ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਬੀਕੇਯੂ ਸਿੱਧੂਪੁਰ ਦੇ ਆਗੂ ਬੋਘ ਸਿੰਘ ਮਾਨਸਾ, ਬੀਕੇਯੂ ਰਾਜੇਵਾਲ ਦੇ ਪਰਗਟ ਸਿੰਘ ਤਲਵੰਡੀ ਨੇਪਾਲੀਆ, ਬੀਕੇਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ ਅਤੇ ਹੋਰ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਏਕਤਾ ਅਤੇ ਸਾਂਝੇ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਲੰਮੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ।