ਰੋਇੰਗ ’ਚ ਚਮਕੀਆਂ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਰੋਇੰਗ ’ਚ ਚਮਕੀਆਂ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ
Publish Date: Sun, 29 Nov 2026 05:18 PM (IST)
Updated Date: Sun, 29 Nov 2026 05:20 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰੋਪੜ ਵਿਖੇ ਕਰਵਾਏ ਗਏ ਰਾਜ ਪੱਧਰੀ ਰੋਇੰਗ ਮੁਕਾਬਲਿਆਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਫੋਰ ਸਕੱਲ ਈਵੈਂਟ ਵਿਚ ਬਠਿੰਡਾ ਜ਼ਿਲ੍ਹੇ ਦੀ ਟੀਮ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ। ਮੈਡਲ ਜੇਤੂ ਵਿਦਿਆਰਥਣਾਂ ਵਿਚ ਮਨਪ੍ਰੀਤ ਕੌਰ (ਬੀਸੀਏ ਭਾਗ ਦੂਜਾ), ਜਸ਼ਨਪ੍ਰੀਤ ਕੌਰ ਤੇ ਖੁਸ਼ਪ੍ਰੀਤ ਕੌਰ (ਦੋਵੇਂ ਬੀਏ ਭਾਗ ਦੂਜਾ) ਸ਼ਾਮਲ ਹਨ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਮੁਬਾਰਕਬਾਦ ਦਿੰਦਿਆਂ ਖਿਡਾਰਨਾਂ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਡਿੱਖ ਦੀ ਨਗਰ ਪੰਚਾਇਤ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕ੍ਰਾਂਤੀਕਾਰੀ ਯੂਨੀਅਨ ਦੇ ਆਗੂਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਨੌਵੀਂ ਤੇ ਨਗਰ ਨਿਵਾਸੀਆਂ ਵੱਲੋਂ ਕਾਲਜ ਪਹੁੰਚ ਕੇ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਮੌੜ ਖੁਰਦ ਦੀ ਨਗਰ ਪੰਚਾਇਤ ਵੱਲੋਂ ਵੀ ਪਿੰਡ ਵਿੱਚ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਕੋਚ ਪ੍ਰਦੀਪ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ, ਖਜਾਨਚੀ ਪ੍ਰਸ਼ੋਤਮ ਕੌਰ, ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਖਿਡਾਰਨਾਂ ਨੂੰ ਵਧਾਈ ਦਿੱਤੀ।