ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ 'ਤੇ ਮੌੜ ਮੰਡੀ ਮੁਕੰਮਲ ਬੰਦ, ਰਾਮ ਨਗਰ ਚੌਂਕ 'ਚ ਲਾਇਆ ਧਰਨਾ ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ 'ਤੇ ਮੌੜ ਮੰਡੀ ਮੁਕੰਮਲ ਬੰਦ
Publish Date: Fri, 21 Aug 2026 04:39 PM (IST)
Updated Date: Fri, 21 Aug 2026 04:42 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਮੌੜ ਮੰਡੀ ਵਿਚ ਵਿਆਪਕ ਤੌਰ ਤੇ ਦੇਖਣ ਨੂੰ ਮਿਲਿਆ। ਇਸ ਬੰਦ ਦੌਰਾਨ ਸ਼ਹਿਰ ਦੇ ਸਾਰੇ ਵਪਾਰਕ ਅਦਾਰੇ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਬੰਦ ਦੇ ਮੱਦੇਨਜ਼ਰ ਖੇਤਰ ਦੇ ਸਕੂਲਾਂ ਵਿਚ ਵੀ ਆਮ ਦਿਨਾਂ ਨਾਲੋਂ ਬੱਚਿਆਂ ਦੀ ਹਾਜ਼ਰੀ ਕਾਫ਼ੀ ਘੱਟ ਦਰਜ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਵੱਲੋਂ ਰਾਮ ਨਗਰ ਚੌਂਕ ਵਿਖੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਬਲਦੇਵ ਸਿੰਘ ਸੰਦੋਹਾ, ਦਰਸ਼ਨ ਸਿੰਘ ਸਿੱਧੂਪੁਰ, ਗੁਰਚਰਨ ਸਿੰਘ ਕੋਟਲੀ, ਪਰਮਜੀਤ ਸਿੰਘ ਮਾਨਸਾਹੀਆ ਵਾਰਿਸ ਪੰਜਾਬ, ਮਨਦੀਪ ਸਿੰਘ ਸਿੱਧੂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਤੋ ਮੰਗ ਕਰਦਿਆ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਲਦ ਤੋਂ ਜਲਦ ਇਨਸਾਫ਼ ਦੀ ਮੰਗ ਕੀਤੀ। ਇਸ ਧਰਨੇ ਨੂੰ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿਚ ਬਹੁਜਨ ਸਮਾਜ ਪਾਰਟੀ ਤੋਂ ਸਵਰਨ ਸਿੰਘ, ਗੁਰਤੇਜ ਸਿੰਘ, ਨਾਹਰ ਸਿੰਘ, ਗੁਰਬਖਸ਼ ਸਿੰਘ ਸੰਦੋਹਾ, ਸਰਬਜੀਤ ਸਿੰਘ ਸਿੱਧੂਪੁਰ, ਪ੍ਰਗਟ ਸਿੰਘ, ਅਵਤਾਰ ਸਿੰਘ ਮੌੜ, ਗੁਰਚਰਨ ਸਿੰਘ ਖੜ੍ਹਕ ਸਿੰਘ ਵਾਲਾ, ਇਕਾਈ ਪ੍ਰਧਾਨ ਸਿੱਧੂਪੁਰ ਰਾਜਵਿੰਦਰ ਸਿੰਘ ਰਾਜੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਅਜੈਬ ਸਿੰਘ, ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਤੋਂ ਪ੍ਰੀਤਮ ਸਿੰਘ ਤੇ ਕੁਲਵਿੰਦਰ ਸਿੰਘ ਸ਼ਾਮਲ ਸਨ। ਇਨ੍ਹਾਂ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਾਨਵ ਅਧਿਕਾਰਾਂ ਦਾ ਘੋਰ ਉਲੰਘਣ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹਿਣਗੇ।