- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਦਮਜੀਤ ਮਹਿਤਾ ਦੂਜੀ ਵਾਰ ਬਣੇ ਬਠਿੰਡਾ ਦੇ ਮੇਅਰ, 50 ਵਿੱਚੋਂ 38 ਕੌਂਸਲਰਾਂ ਨੇ ਦਿੱਤਾ ਸਮਰਥਨ

ਮਹਿਤਾ ਪਰਿਵਾਰ ਨੇ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨਗਰ ਨਿਗਮ ਬਠਿੰਡਾ ਦੀ ਸੱਤਾ ’ਤੇ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਪ੍ਰਾਪਤ ਕਰਦਿਆਂ ਸ਼ਹਿਰ ਦੀ ਸਿਆਸਤ ਵਿੱਚ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। 26 ਮਈ ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਦੋ-ਤਿਹਾਈ ਤੋਂ ਵੱਧ ਬਹੁਮਤ ਦਿਵਾਉਣ ਵਾਲੇ ਪਦਮਜੀਤ ਸਿੰਘ ਮਹਿਤਾ ਨੂੰ ਲਗਾਤਾਰ ਦੂਜੀ ਵਾਰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣ ਲਿਆ ਗਿਆ। ਫ਼ਰੀਦਕੋਟ ਮੰਡਲ ਦੇ ਕਮਿਸ਼ਨਰ ਦੀ ਪ੍ਰਧਾਨਗੀ ਤੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਹੋਈ ਨਵੇਂ-ਚੁਣੇ ਕੌਂਸਲਰਾਂ ਦੀ ਮੀਟਿੰਗ ਦੌਰਾਨ ਕੁੱਲ 50 ਵਿੱਚੋਂ 38 ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਪਦਮਜੀਤ ਮਹਿਤਾ ਦੇ ਹੱਕ ਵਿੱਚ ਆਪਣਾ ਸਮਰਥਨ ਦਿੰਦਿਆ ਮੇਅਰ ਚੁਣ ਲਿਆ। ਇਸ ਨਾਲ ਪਦਮਜੀਤ ਮਹਿਤਾ ਬਠਿੰਡਾ ਨਗਰ ਨਿਗਮ ਦੇ ਇਤਿਹਾਸ ਵਿੱਚ ਲਗਾਤਾਰ ਦੂਜੀ ਵਾਰ ਮੇਅਰ ਬਣਨ ਵਾਲੇ ਛੋਟੀ ਉਮਰ ਦੇ ਪਹਿਲੇ ਆਗੂ ਬਣ ਗਏ ਹਨ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਲਗਾਤਾਰ ਦੂਜੀ ਵਾਰ ਨਗਰ ਨਿਗਮ ਵਿੱਚ ਆਪਣਾ ਮੇਅਰ ਬਣਾਕੇ ਸ਼੍ਰੋਮਣੀ ਅਕਾਲੀ ਦਲ ਦੇ ਉਸ ਰਿਕਾਰਡ ਦੀ ਬਰਾਬਰੀ ਕਰ ਲਈ ਹੈ, ਜਦੋਂ ਅਕਾਲੀ ਦਲ ਨੇ ਦੋ ਕਾਰਜਕਾਲਾਂ ਤਕ ਨਿਗਮ ’ਚ ਆਪਣਾ ਮੇਅਰ ਬਣਾਇਆ ਸੀ। ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਸਿਰਫ਼ ਮੇਅਰ ਦੀ ਚੋਣ ਹੀ ਸੰਪੰਨ ਹੋਈ, ਜਦਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਅਸਾਮੀਆਂ ਲਈ ਕਿਸੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ। ਪਾਰਟੀ ਲੀਡਰਸ਼ਿਪ ਵੱਲੋਂ ਇਨ੍ਹਾਂ ਅਹੁਦਿਆਂ ’ਤੇ ਸਰਬਸੰਮਤੀ ਨਾਲ ਫ਼ੈਸਲਾ ਕਰਨ ਲਈ ਵਿਚਾਰ-ਵਟਾਂਦਰਾ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਅਹੁਦਿਆਂ ਲਈ ਵੀ ਨਾਮਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਨਗਰ ਨਿਗਮ ਹਾਊਸ ਵਿੱਚ ਬਹੁਮਤ ਸਾਬਤ ਕਰਨ ਲਈ 26 ਕੌਂਸਲਰਾਂ ਦੇ ਸਮਰਥਨ ਦੀ ਲੋੜ ਹੁੰਦੀ ਹੈ, ਜਦਕਿ ਆਮ ਆਦਮੀ ਪਾਰਟੀ ਕੋਲ ਆਪਣੇ 35 ਕੌਂਸਲਰ ਮੌਜੂਦ ਹਨ।
ਇਸ ਤੋਂ ਇਲਾਵਾ ਛੇ ਆਜ਼ਾਦ ਕੌਂਸਲਰਾਂ ਵਿੱਚੋਂ ਵੀ ਜ਼ਿਆਦਾਤਰ ਨੇ ਪਾਰਟੀ ਨੂੰ ਸਮਰਥਨ ਦੇ ਦਿੱਤਾ । ਇਸ ਕਾਰਨ ਮੇਅਰ ਅਹੁਦੇ ਲਈ ਪਦਮਜੀਤ ਮਹਿਤਾ ਦੀ ਜਿੱਤ ਪਹਿਲਾਂ ਹੀ ਤੈਅ ਮੰਨੀ ਜਾ ਰਹੀ ਸੀ। ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੋਈ ਉਮੀਦਵਾਰ ਮੈਦਾਨ ਵਿੱਚ ਨਾ ਉਤਾਰੇ ਜਾਣ ਕਾਰਨ ਚੋਣ ਪ੍ਰਕਿਰਿਆ ਲਗਭਗ ਨਿਰਵਿਰੋਧ ਰਹੀ। ਪਾਰਟੀ ਹਾਈਕਮਾਨ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਚੋਣ ਪ੍ਰਕਿਰਿਆ ਦਾ ਨਿਗਰਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਅਗਵਾਈ ਹੇਠ ਨਵ-ਚੁਣੇ ਕੌਂਸਲਰਾਂ ਦੀ ਮੀਟਿੰਗ ਹੋਈ ਅਤੇ ਸਰਬਸੰਮਤੀ ਨਾਲ ਪਦਮਜੀਤ ਮਹਿਤਾ ਦੇ ਨਾਮ ’ਤੇ ਮੋਹਰ ਲਗਾਈ ਗਈ। ਚੋਣ ਪ੍ਰਕਿਰਿਆ ਦੌਰਾਨ ਪਹਿਲਾਂ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਅਤੇ ਉਸ ਤੋਂ ਬਾਅਦ ਹੱਥ ਖੜ੍ਹੇ ਕਰਕੇ ਵੋਟਿੰਗ ਕਰਵਾਈ ਗਈ। ਇਸ ਤਰੀਕੇ ਨਾਲ ਹਰ ਕੌਂਸਲਰ ਦਾ ਵੋਟ ਜਨਤਕ ਰਿਹਾ, ਜਿਸ ਨਾਲ ਕਰਾਸ ਵੋਟਿੰਗ ਜਾਂ ਅੰਦਰੂਨੀ ਵਿਰੋਧ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ।
ਬਾਕਸ
ਲੰਡਨ ਵਿੱਚ ਸਿੱਖਿਆ ਪ੍ਰਾਪਤ ਕਰ ਚੁੱਕੇ ਪਦਮਜੀਤ ਸਿੰਘ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੇ ਪੁੱਤਰ ਹਨ। ਉਨ੍ਹਾਂ ਨੇ ਪਹਿਲੀ ਵਾਰ ਦਸੰਬਰ 2024 ਵਿੱਚ ਵਾਰਡ ਨੰਬਰ 48 ਦੀ ਜ਼ਿਮਨੀ ਚੋਣ ਜਿੱਤ ਕੇ ਸਰਗਰਮ ਰਾਜਨੀਤੀ ਵਿੱਚ ਕਦਮ ਰੱਖਿਆ ਸੀ। ਉਸ ਸਮੇਂ ਉਹ ਆਮ ਆਦਮੀ ਪਾਰਟੀ ਦੇ ਇਕੱਲੇ ਜੇਤੂ ਕੌਂਸਲਰ ਸਨ, ਪਰ ਵੱਖ-ਵੱਖ ਧਿਰਾਂ ਦੇ ਕੌਂਸਲਰਾਂ ਦਾ ਸਮਰਥਨ ਹਾਸਲ ਕਰਕੇ ਫ਼ਰਵਰੀ 2025 ਵਿੱਚ ਮੇਅਰ ਬਣਨ ਵਿੱਚ ਸਫ਼ਲ ਰਹੇ ਸਨ। ਆਪਣੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਅਤੇ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਭੂਮਿਕਾ ਨਿਭਾਈ। ਪਾਰਟੀ ਨੇ ਇਸ ਵਾਰ ਵੀ ਉਨ੍ਹਾਂ ਨੂੰ ਮੇਅਰ ਅਹੁਦੇ ਦਾ ਚਿਹਰਾ ਬਣਾਇਆ ਅਤੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਪ੍ਰਮੁੱਖਤਾ ਨਾਲ ਰੱਖਿਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਸਪੱਸ਼ਟ ਬਹੁਮਤ ਪ੍ਰਾਪਤ ਹੋਇਆ ਅਤੇ ਪਹਿਲੀ ਵਾਰ ਨਿਗਮ ਵਿੱਚ ਪੂਰਨ ਬਹੁਮਤ ਵਾਲਾ ਸਦਨ ਬਣਾਉਣ ਦਾ ਮੌਕਾ ਮਿਲਿਆ।
ਬਾਕਸ
ਮੇਅਰ ਚੁਣੇ ਜਾਣ ਤੋਂ ਬਾਅਦ ਪਦਮਜੀਤ ਮਹਿਤਾ ਨੇ ਸ਼ਹਿਰ ਵਾਸੀਆਂ ਤੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਦੀ ਰਾਜਨੀਤੀ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਨੂੰ ਇੱਕ ਆਧੁਨਿਕ, ਸੁਵਿਧਾਜਨਕ ਅਤੇ ਸੁਚੱਜੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਨਗਰ ਨਿਗਮ ਦੀਆਂ ਸੇਵਾਵਾਂ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ, ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਿਆਉਣਾ, ਟਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਅਤੇ ਆਧੁਨਿਕ ਸ਼ਹਿਰੀ ਸਹੂਲਤਾਂ ਦਾ ਵਿਸਥਾਰ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬਠਿੰਡਾ ਨੂੰ ਚੰਡੀਗੜ੍ਹ ਦੀ ਤਰਜ਼ ’ਤੇ ਵਿਕਸਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਮੇਅਰ ਚੋਣ ਤੋਂ ਬਾਅਦ ਨਗਰ ਨਿਗਮ ਕੰਪਲੈਕਸ ਦੇ ਬਾਹਰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਰਥਕਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾਇਆ, ਇਕ-ਦੂਜੇ ਨੂੰ ਲੱਡੂ ਖੁਆਏ ਅਤੇ ਗੁਲਾਲ ਲਗਾ ਕੇ ਜਿੱਤ ਦਾ ਜਸ਼ਨ ਮਨਾਇਆ।
ਬਾਕਸ
ਇਸ ਦੌਰਾਨ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਗੈਰ-ਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਬਾਰੇ ਪੁੱਛੇ ਜਾਣ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹਰ ਵਿਅਕਤੀ ਦਾ ਹਰ ਮੌਕੇ ’ਤੇ ਮੌਜੂਦ ਹੋਣਾ ਜ਼ਰੂਰੀ ਨਹੀਂ ਹੁੰਦਾ ਅਤੇ ਸੰਭਵ ਹੈ ਕਿ ਵਿਧਾਇਕ ਕਿਸੇ ਹੋਰ ਸਰਕਾਰੀ ਜਾਂ ਪਾਰਟੀ ਪ੍ਰੋਗਰਾਮ ’ਚ ਰੁੱਝੇ ਹੋਣ। ਦੂਜੇ ਪਾਸੇ ਨਗਰ ਨਿਗਮ ਚੋਣਾਂ ਵਿਚ ਆਪ ਦੀ ਹੋਈ ਵੱਡੀ ਜਿੱਤ ਅਤੇ ਮੇਅਰ ਦੀ ਚੋਣ ਬਾਅਦ 12 ਜੂਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਪਹੁੰਚਣਗੇ। ਦੋਵੇਂ ਆਗੂ ਸ਼ਹਿਰ ਵਿੱਚ ਰੋਡ ਸ਼ੋਅ ਕਰਕੇ ਨਗਰ ਨਿਗਮ ਚੋਣਾਂ ਵਿੱਚ ਮਿਲੇ ਭਰਪੂਰ ਜਨ ਸਮਰਥਨ ਲਈ ਲੋਕਾਂ ਦਾ ਧੰਨਵਾਦ ਕਰਨਗੇ। ਇਹ ਰੋਡ ਸ਼ੋਅ ਸਿਰਕੀ ਬਾਜ਼ਾਰ ਸਥਿਤ ਚੌਕ ਤੋਂ ਸ਼ੁਰੂ ਹੋ ਕੇ ਸਦਭਾਵਨਾ ਚੌਕ ਤਕ ਜਾਵੇਗਾ, ਜਿੱਥੇ ਦੋਵੇਂ ਆਗੂ ਵਪਾਰੀਆਂ ਅਤੇ ਆਮ ਨਾਗਰਿਕਾਂ ਨਾਲ ਵੀ ਗੱਲਬਾਤ ਕਰਨਗੇ। ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕੌਸਲਰਾਂ ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।