ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਸੰਘਰਸ਼ ਦਾ ਐਲਾਨ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਸੰਘਰਸ਼ ਦਾ ਐਲਾਨ
Publish Date: Sun, 06 Sep 2026 03:56 PM (IST)
Updated Date: Sun, 06 Sep 2026 03:58 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਮੱਗਰ ਸਿੰਘ ਕੋਰੇਆਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਚੇਅਰਮੈਨ ਡਾ. ਰਾਜਵੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਬਠਿੰਡਾ ਤੋਂ ਐੱਮਐੱਸ ਆਰਥੋ ਅਤੇ ਹੱਡੀਆਂ ਦੇ ਮਾਹਿਰ ਡਾ. ਦੀਪਕ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮੈਡੀਕਲ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਦਾ ਮਸਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਦੇ ਧਿਆਨ ਵਿੱਚ ਮੰਗ ਰੱਖਣ ਲਈ ਸੂਬਾ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਕੋਲ ਇਹ ਮਸਲਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਪ੍ਰਧਾਨ ਵੱਲੋਂ ਸੰਘਰਸ਼ ਜਾਂ ਧਰਨੇ-ਮੁਜ਼ਾਹਰੇ ਸਬੰਧੀ ਕੋਈ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਬਲਾਕ ਤਲਵੰਡੀ ਸਾਬੋ ਦੇ ਮੈਡੀਕਲ ਪ੍ਰੈਕਟੀਸ਼ਨਰ ਉਸ ਵਿੱਚ ਪੂਰੀ ਤਰ੍ਹਾਂ ਸਹਿਯੋਗ ਕਰਨਗੇ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਜਥੇਬੰਦੀ ਦੀਆਂ ਮੰਗਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।