30 ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਮੋਰਚੇ ਦੀ ਤਿਆਰੀ ਲਈ ਮੀਟਿੰਗ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਮੋਰਚੇ ਦੀ ਤਿਆਰੀ ਲਈ ਮੀਟਿੰਗ
Publish Date: Sun, 23 Aug 2026 04:36 PM (IST)
Updated Date: Sun, 23 Aug 2026 04:39 PM (IST)
ਸਟਾਫ਼ ਰਿਪੋਰਟਰ ਬਠਿੰਡਾ, ਭਾਰਤ-ਅਮਰੀਕਾ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਸਾਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਦੀ ਤਿਆਰੀ ਮੀਟਿੰਗ ਪਿੰਡ ਮਾਈਸਰਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕੀਤੀ। ਮੀਟਿੰਗ ਉਪਰੰਤ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਵੱਲੋਂ ਪੱਕੇ ਮੋਰਚੇ ਦੀ ਠੋਸ ਵਿਉਂਤਬੰਦੀ ਕਰ ਲਈ ਗਈ ਹੈ। ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿਚ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ ਅਤੇ ਬਲਾਕ ਪੱਧਰੀ ਮੋਟਰਸਾਈਕਲ ਮਾਰਚ ਕਰਕੇ ਮੁਹਿੰਮ ਚਲਾਈ ਜਾਵੇਗੀ। ਮੋਰਚੇ ਵਿਚ ਸ਼ਮੂਲੀਅਤ ਕਰਨ ਵਾਲਿਆਂ ਲਈ ਟਰਾਲੀਆਂ ਦਾ ਪ੍ਰਬੰਧ ਕਰਨ ਅਤੇ ਲੰਗਰ ਲਈ ਪਿੰਡਾਂ ਵਿਚੋਂ ਰਾਸ਼ਨ ਇਕੱਠਾ ਕਰਨ ਦਾ ਫੈਸਲਾ ਵੀ ਕੀਤਾ ਗਿਆ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਮੋਰਚਿਆਂ ਰਾਹੀਂ ਸਰਕਾਰ ’ਤੇ ਦਬਾਅ ਬਣਾ ਕੇ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਮਨਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਲਵੇ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਕੇ ਕਰਜ਼ਾ ਕਾਨੂੰਨ ਬਣਾਏ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ ਅਤੇ ਪੁਲਿਸ ਜਬਰ ਤੇ ਝੂਠੇ ਮੁਕਾਬਲੇ ਬੰਦ ਕੀਤੇ ਜਾਣ। ਉਨ੍ਹਾਂ ਕਿਸਾਨ ਆਗੂਆਂ ’ਤੇ ਅੰਦੋਲਨਾਂ ਦੌਰਾਨ ਦਰਜ ਪਰਚੇ ਰੱਦ ਕਰਨ, ਆਬਾਦਕਾਰਾਂ ਤੇ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਹੜ੍ਹਾਂ ਤੇ ਕੁਦਰਤੀ ਆਫ਼ਤਾਂ ਨਾਲ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਔਰਤਾਂ ਦੀ ਲਾਮਬੰਦੀ ਲਈ ਪਿੰਡਾਂ ਅਤੇ ਬਲਾਕਾਂ ਵਿੱਚ ਮੀਟਿੰਗਾਂ ਕਰਨ ਅਤੇ ਘਰ-ਘਰ ਸੁਨੇਹਾ ਪਹੁੰਚਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ, ਜਗਦੇਵ ਸਿੰਘ ਜੋਗੇਵਾਲਾ, ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ ਸਮੇਤ ਬਲਾਕ ਪ੍ਰਧਾਨ-ਸਕੱਤਰ ਅਤੇ ਸਰਗਰਮ ਵਰਕਰ ਹਾਜ਼ਰ ਸਨ।