ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ : ਹਰਸਿਮਰਤ ਨਸ਼ਿਆਂ ਖ਼ਿਲਾਫ਼ ਤਲਵੰਡੀ ਸਾਬੋ ਦੀਆਂ ਮਾਵਾਂ ਨੇ ਭਰੀ ਹੁੰਕਾਰ
Publish Date: Fri, 30 Oct 2026 07:18 PM (IST)
Updated Date: Sat, 31 Oct 2026 04:05 AM (IST)
ਨਸ਼ਿਆਂ ਖ਼ਿਲਾਫ਼ ਤਲਵੰਡੀ ਸਾਬੋ ਦੀਆਂ ਮਾਵਾਂ ਨੇ ਭਰੀ ਹੁੰਕਾਰ ਹਲਕਾ ਉਮੀਦਵਾਰ ਰਵੀ ਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਦੀ ਲਲਕਾਰ ਮੁਹਿੰਮ ਤਹਿਤ ਅੱਜ ਤਲਵੰਡੀ ਸਾਬੋ ਦੇ ਪੰਜਾਬ ਪੈਲਸ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਦੇ ਆਗੂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਾਵਾਂ ਅਤੇ ਭੈਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਧਰਮ ਪਤਨੀ ਰਿਤਿਕਾ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਲਵੰਡੀ ਸਾਬੋ ਦੀਆਂ ਮਾਵਾਂ ਅਤੇ ਧੀਆਂ ਦੇ ਇਸ ਵੱਡੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਔਰਤਾਂ ਹੁਣ ਆਪਣੇ ਬੱਚਿਆਂ ਦੇ ਭਵਿੱਖ ਅਤੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਖੁਦ ਮੈਦਾਨ ਵਿੱਚ ਉਤਰ ਆਈਆਂ ਹਨ। ਉਨ੍ਹਾਂ ਕਿਹਾ ਕਿ ਛੋਟੀ ਜਿਹੀ ਮੀਟਿੰਗ ਦੇ ਸੱਦੇ ਤੇ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਹੁੰਚਣਾ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਰਿਹਾ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਤੇ ਸਵਾਲ ਚੁੱਕੇ। ਉਨ੍ਹਾਂ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਲਈ ਧਰਨੇ ਵਾਲੀ ਥਾਂ ਲਿਜਾਣ ਸਮੇਂ ਪੁਲਿਸ ਵੱਲੋਂ ਕਬਜ਼ੇ ਵਿੱਚ ਲੈਣ ਦੇ ਮਾਮਲੇ ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਵਾਂ ਆਪਣੇ ਪੁੱਤਰਾਂ ਨੂੰ ਨਸ਼ਿਆਂ ਕਾਰਨ ਗੁਆ ਰਹੀਆਂ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਲੈਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਮੋਹਨਜੀਤ ਸਿੰਘ ਸ਼ੇਰੋਂ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਵੀ ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ। ਬੀਬਾ ਬਾਦਲ ਨੇ ਬੁਢਲਾਡਾ ਵਿਖੇ ਨਸ਼ਾ ਵਿਰੋਧੀ ਪ੍ਰਦਰਸ਼ਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਕਥਿਤ ਤੌਰ ਤੇ ਨਸ਼ੇ ਦੀ ਹਾਲਤ ਵਿੱਚ ਮਿਲਣ ਅਤੇ ਜਾਂਚ ਦੌਰਾਨ ਨਸ਼ੀਲੇ ਪਦਾਰਥ ਦੀ ਵਰਤੋਂ ਦੀ ਪੁਸ਼ਟੀ ਹੋਣ ਦੇ ਮਾਮਲੇ ਨੂੰ ਵੀ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ ਤਾਂ ਪੁਲਿਸ ਵਿਭਾਗ ਵਿੱਚ ਅਜਿਹੇ ਮਾਮਲੇ ਸਾਹਮਣੇ ਆਉਣਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਦੇ ਲੋਕ ਕੰਧਾਂ ਤੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਲਿਖ ਕੇ ਆਪਣਾ ਰੋਸ ਜ਼ਾਹਰ ਕਰ ਰਹੇ ਹਨ, ਪਰ ਸਰਕਾਰ ਨੂੰ ਕੰਧਾਂ ਤੋਂ ਲਿਖਤਾਂ ਮਿਟਾਉਣ ਦੀ ਬਜਾਏ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਨੀਲੇ ਕਾਰਡਾਂ ਨੂੰ ਸਰਕਾਰ ਬਣਨ ਤੇ ਮੁੜ ਬਹਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਪਿੰਡ ਵਿੱਚ ਸਿਖਲਾਈ ਕੇਂਦਰ ਖੋਲ੍ਹ ਕੇ ਮਹਿਲਾਵਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਣਤ ਨੇ ਅਨੇਕਾਂ ਮਾਵਾਂ ਦੇ ਸੁਪਨੇ ਤਬਾਹ ਕਰ ਦਿੱਤੇ ਹਨ। ਇਸ ਮੌਕੇ ਇੱਕ ਮਾਂ ਆਪਣੇ ਨਸ਼ਿਆਂ ਕਾਰਨ ਮੌਤ ਦਾ ਸ਼ਿਕਾਰ ਹੋਏ ਪੁੱਤਰ ਦੀ ਤਸਵੀਰ ਲੈ ਕੇ ਸਮਾਗਮ ਵਿੱਚ ਪਹੁੰਚੀ ਹੋਈ ਸੀ। ਬੀਬਾ ਬਾਦਲ ਨੇ ਉਸ ਮਾਂ ਦੇ ਦਰਦ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਮਾਂ ਆਪਣੇ ਪੁੱਤਰ ਲਈ ਸੁਨਹਿਰੀ ਭਵਿੱਖ ਦੇ ਸੁਪਨੇ ਦੇਖਦੀ ਹੈ, ਪਰ ਨਸ਼ਿਆਂ ਦੀ ਬੁਰਾਈ ਉਨ੍ਹਾਂ ਸੁਪਨਿਆਂ ਨੂੰ ਖ਼ਤਮ ਕਰ ਰਹੀ ਹੈ। ਬਾਕਸ ਰਵੀਪ੍ਰੀਤ ਸਿੰਘ ਸਿੱਧੂ ਨੇ ਵੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਿਆ ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਦੇ ਕਈ ਪਿੰਡਾਂ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਅਕਾਲੀ ਵਰਕਰਾਂ ਤੇ ਕਥਿਤ ਤੌਰ ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਕਾਰਗੁਜ਼ਾਰੀ ਸੁਧਾਰਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਪਿੰਡਾਂ ਦੇ ਸਰਪੰਚਾਂ ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਇਸ ਨੂੰ ਬੰਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੁੜ ਸੱਤਾ ਵਿੱਚ ਆਉਣ ਤੇ ਪਾਰਟੀ ਵਰਕਰਾਂ ਨਾਲ ਹੋਈਆਂ ਕਥਿਤ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਸਾਂਝੀ ਲੜਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਬੇਰੁਜ਼ਗਾਰੀ, ਨੌਜਵਾਨਾਂ ਦੇ ਭਵਿੱਖ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਤੇ ਵੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਸਮਾਗਮ ਦੌਰਾਨ ਮਹਿਲਾ ਵਿੰਗ ਦੀ ਹਲਕਾ ਪ੍ਰਧਾਨ ਵੀਰਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜਗਾ ਰਾਮ ਤੀਰਥ, ਐਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਲੌਰ ਸਿੰਘ, ਹਰਤਾਵਲ ਸਿੰਘ ਸੁੱਖੀ, ਰਵੀਪ੍ਰੀਤ ਸਿੰਘ ਸਿੱਧੂ ਦੇ ਨਿੱਜੀ ਸਹਾਇਕ, ਰਸ਼ਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਸ਼ੇਖਪੁਰਾ, ਹਰਮਹਿੰਦਰ ਸਿੰਘ ਸਿੱਧੂ, ਅਰਸ਼ਦੀਪ ਸਿੰਘ ਮਲਕਾਣਾ, ਤੇਜਾ ਸਿੰਘ ਮਲਕਾਣਾ, ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸਾਹੀਆ, ਜਸਵੀਰ ਸਿੰਘ ਪਥਰਾਲਾ, ਦਵਿੰਦਰ ਸਿੰਘ ਕੋਟਬਖਤੂ, ਮਨਜੀਤ ਸਿੰਘ ਭਾਗੀਵਾਂਦਰ, ਅਮਨਦੀਪ ਸਿੰਘ ਟਾਂਡੀਆਂ, ਪਰਮਜੀਤ ਕੌਰ, ਮਨਜੀਤ ਕੌਰ, ਸੁਖਜਿੰਦਰ ਕੌਰ, ਬਲਵਿੰਦਰ ਕੌਰ, ਅਮਨਦੀਪ ਕੌਰ ਅਤੇ ਕਰਮਜੀਤ ਕੌਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।