- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਮਆਰਐਸਪੀਟੀਯੂ ਦਾ 11ਵਾਂ ਅੰਤਰ-ਜ਼ੋਨਲ ਯੁਵਕ ਮੇਲਾ 11 ਤੋਂ 13 ਨਵੰਬਰ ਤੱਕ

'ਜੁੱਗ ਜੁੱਗ ਜੀਵੇ ਪੰਜਾਬ' ਥੀਮ ਹੇਠ ਪੰਜਾਬੀ ਸੱਭਿਆਚਾਰ, ਕਲਾ ਤੇ ਵਿਰਾਸਤ ਦੇ ਰੰਗ ਬਿਖੇਰਨਗੇ ਵਿਦਿਆਰਥੀ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ), ਬਠਿੰਡਾ ਵੱਲੋਂ ਆਪਣਾ 11ਵਾਂ ਅੰਤਰ-ਜ਼ੋਨਲ ਯੁਵਕ ਮੇਲਾ 11 ਤੋਂ 13 ਨਵੰਬਰ ਤੱਕ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। 'ਜੁੱਗ ਜੁੱਗ ਜੀਵੇ ਪੰਜਾਬ' ਵਿਸ਼ੇ ਹੇਠ ਕਰਵਾਇਆ ਜਾਣ ਵਾਲਾ ਇਹ ਤਿੰਨ ਰੋਜ਼ਾ ਸੱਭਿਆਚਾਰਕ ਮਹਾਂਉਤਸਵ ਪੰਜਾਬ ਦੀ ਅਮੀਰ ਵਿਰਾਸਤ, ਲੋਕ-ਕਲਾਵਾਂ, ਭਾਸ਼ਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕਰੇਗਾ। ਇਸ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਅਫ਼ਿਲੀਏਟਿਡ ਅਤੇ ਘਟਕ ਕਾਲਜਾਂ ਦੇ ਸੈਂਕੜੇ ਵਿਦਿਆਰਥੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।
ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਮੁੱਖ ਮਹਿਮਾਨ ਵਜੋਂ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਤੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨਗੇ। ਯੁਵਕ ਮੇਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ, ਪੰਜਾਬੀ ਭਾਸ਼ਾ, ਲੋਕ-ਪਰੰਪਰਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਕਲਾ, ਹੁਨਰ ਅਤੇ ਸਿਰਜਣਾਤਮਕ ਸੋਚ ਨੂੰ ਨਿਖਾਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨਾ ਵੀ ਇਸ ਸਮਾਗਮ ਦਾ ਅਹਿਮ ਮਕਸਦ ਹੈ।
ਤਿੰਨ ਰੋਜ਼ਾ ਮੇਲੇ ਦੌਰਾਨ ਗਿੱਧਾ, ਭੰਗੜਾ, ਸ਼ਾਸਤਰੀ ਅਤੇ ਪੱਛਮੀ ਸੰਗੀਤ, ਸੋਲੋ ਤੇ ਸਮੂਹ ਗਾਇਨ, ਸਾਜ਼ ਸੰਗੀਤ, ਕਵਿਤਾ ਉਚਾਰਨ, ਬਹਿਸ, ਭਾਸ਼ਣ ਅਤੇ ਨਾਟਕ ਸਮੇਤ ਕਈ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਲਲਿਤ ਕਲਾਵਾਂ, ਚਿੱਤਰਕਾਰੀ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ ਅਤੇ ਕਾਰਟੂਨਿੰਗ ਵਰਗੀਆਂ ਕਲਾਤਮਕ ਵੰਨਗੀਆਂ ਵਿੱਚ ਵੀ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ। ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਲੀਡਰਸ਼ਿਪ, ਟੀਮ ਭਾਵਨਾ, ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਡਾਇਰੈਕਟਰ ਯੁਵਕ ਭਲਾਈ ਡਾ. ਇਕਬਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਆਪਣੀ ਸਾਂਝ ਹੋਰ ਮਜ਼ਬੂਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਸਾਰੇ ਮੁਕਾਬਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਮੇਲੇ ਦੀ ਸਫ਼ਲਤਾ ਲਈ ਲੋੜੀਂਦੇ ਪ੍ਰਬੰਧਕੀ ਅਤੇ ਬੁਨਿਆਦੀ ਪ੍ਰਬੰਧ ਕੀਤੇ ਗਏ ਹਨ। ਯੂਨੀਵਰਸਿਟੀ ਦੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਮੇਲੇ ਦੀ ਸਮਾਪਤੀ 13 ਨਵੰਬਰ ਨੂੰ ਇਨਾਮ ਵੰਡ ਸਮਾਰੋਹ ਨਾਲ ਹੋਵੇਗੀ, ਜਿਸ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।