- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਐਨਡੀਆਰਐਫ ਦੀ ਟੀਮ ਨੇ ਦਿੱਤੀ ਸੇਫਟੀ ਟ੍ਰੇਨਿੰਗ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ,
ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਾਵਰ ਹਾਊਸ ਰੋਡ ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਆਫ਼ਤਾਂ ਦੌਰਾਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਕੂਲ ਸੇਫਟੀ ਪ੍ਰੋਗਰਾਮ ਕਰਵਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਐੱਨਡੀਆਰਐੱਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਅਤੇ ਆਪਣੀ ਤੇ ਦੂਜਿਆਂ ਦੀ ਜਾਨ ਬਚਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
ਟੀਮ ਦੇ ਮੈਂਬਰਾਂ ਨੇ ਭੂਚਾਲ, ਅੱਗ ਲੱਗਣ ਅਤੇ ਹੋਰ ਅਣਸੁਖਾਵੇਂ ਹਾਲਾਤ ਦੌਰਾਨ ਘਬਰਾਉਣ ਦੀ ਬਜਾਏ ਸੂਝ-ਬੂਝ ਨਾਲ ਕੰਮ ਲੈਣ ਦੀ ਮਹੱਤਤਾ ਸਮਝਾਈ। ਉਨ੍ਹਾਂ ਨੇ ਦੱਸਿਆ ਕਿ ਅਜਿਹੇ ਸਮੇਂ ਸਹੀ ਫ਼ੈਸਲਾ ਲੈਣਾ, ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਅਤੇ ਸਮੇਂ ਸਿਰ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਹੈ। ਟੀਮ ਵੱਲੋਂ ਵੱਖ-ਵੱਖ ਸੁਰੱਖਿਆ ਤਰੀਕਿਆਂ ਦਾ ਪ੍ਰੈਕਟੀਕਲ ਕਰਕੇ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਅਸਲ ਹਾਲਾਤ ਵਿਚ ਅਪਣਾਏ ਜਾਣ ਵਾਲੇ ਬਚਾਅ ਦੇ ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ।
ਸਕੂਲ ਦੀ ਪ੍ਰਿੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਜੀਵਨ ਦੀ ਸੁਰੱਖਿਆ ਨਾਲ ਜੁੜੀ ਜਾਣਕਾਰੀ ਹਾਸਲ ਕਰਨੀ ਵੀ ਬਹੁਤ ਜ਼ਰੂਰੀ ਹੈ। ਅਜਿਹੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਮੁਸ਼ਕਲ ਹਾਲਾਤ ਵਿਚ ਸਹੀ ਫ਼ੈਸਲਾ ਲੈਣ ਲਈ ਤਿਆਰ ਕਰਦੇ ਹਨ। ਉਨ੍ਹਾਂ ਨੇ ਇਸ ਮਹੱਤਵਪੂਰਨ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਲਈ ਐਨਡੀਆਰਐਫ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਲੈਰੀਕਲ ਸਟਾਫ਼ ਨੇ ਸ਼ਮੂਲੀਅਤ ਕੀਤੀ।