- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੇ ਗੰਭੀਰ ਮਾਮਲੇ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਨੂੰ ਕਈ ਹਫ਼ਤੇ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਜ਼ਿੰਮੇਵਾਰਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸਿੱਖਿਆ ਮੰਤਰੀ ਤੋਂ ਜਵਾਬਦੇਹੀ ਤੈਅ ਕੀਤੀ ਗਈ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਦੇਸ਼ ਦੀ ਸਿੱਖਿਆ ਪ੍ਰਣਾਲੀ, ਨੀਟ ਪੇਪਰ ਲੀਕ ਮਾਮਲੇ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਆ ਰਹੀਆਂ ਖਾਮੀਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸੇ ਕੜੀ ਤਹਿਤ ਬਠਿੰਡਾ ਵਿੱਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ 'ਤੇ ਸਵਾਲ ਉਠਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੇ ਗੰਭੀਰ ਮਾਮਲੇ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਨੂੰ ਕਈ ਹਫ਼ਤੇ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਜ਼ਿੰਮੇਵਾਰਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸਿੱਖਿਆ ਮੰਤਰੀ ਤੋਂ ਜਵਾਬਦੇਹੀ ਤੈਅ ਕੀਤੀ ਗਈ ਹੈ।
ਸਿੰਗਲਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੀ ਅਗਵਾਈ ਹੇਠ ਸੰਸਦ ਦੇ ਅੰਦਰ ਅਤੇ ਬਾਹਰ ਇਹ ਮੁੱਦਾ ਲਗਾਤਾਰ ਉਠਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵਿਰੋਧੀ ਧਿਰ ਜਾਂ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਪੁਲਿਸ ਕਾਰਵਾਈ ਅਤੇ ਲਾਠੀਚਾਰਜ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨਾਲ ਕੀਤਾ ਗਿਆ ਵਰਤਾਅ ਲੋਕਤੰਤਰੀ ਪਰੰਪਰਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹੁੰਦਾ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਨੌਜਵਾਨਾਂ ਦਾ ਪ੍ਰੀਖਿਆ ਪ੍ਰਣਾਲੀ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ।
ਸਿੰਗਲਾ ਨੇ ਦੋਸ਼ ਲਾਇਆ ਕਿ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਹਜ਼ਾਰਾਂ ਵਿਦਿਆਰਥੀਆਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਬੰਧ ਲਾਗੂ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਵਿਜੇ ਇੰਦਰ ਸਿੰਗਲਾ ਨੇ ਆਮ ਆਦਮੀ ਪਾਰਟੀ ਅਤੇ ਉਸ ਦੀ ਲੀਡਰਸ਼ਿਪ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਉਹ ਵਿਦਿਆਰਥੀਆਂ ਦੇ ਹਿੱਤਾਂ ਦੀ ਗੱਲ ਕਰਦੀ ਹੈ ਤਾਂ ਪੰਜਾਬ ਵਿੱਚ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ 'ਤੇ ਵੀ ਆਪਣਾ ਸਪੱਸ਼ਟ ਰੁਖ਼ ਜਨਤਕ ਕਰੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਸਿਆਸੀ ਪੱਖਪਾਤ ਦੀ ਬਜਾਏ ਹਰ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਮੁੱਦਾ ਸੰਸਦ ਦੇ ਅੰਦਰ ਅਤੇ ਬਾਹਰ ਲਗਾਤਾਰ ਉਠਾਉਂਦੀ ਰਹੇਗੀ, ਜਦੋਂ ਤੱਕ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਲੋੜੀਂਦੇ ਸੁਧਾਰ ਨਹੀਂ ਕੀਤੇ ਜਾਂਦੇ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਾਪਤ ਨੌਜਵਾਨਾਂ ਲਈ ਰੁਜ਼ਗਾਰ ਦੇ ਸੀਮਤ ਮੌਕਿਆਂ ਨੂੰ ਵੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਨ ਗਰਗ, ਕੋਆਰਡੀਨੇਟਰ ਹਰਲੀਨ ਕੌਰ ਬਰਾੜ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਕੇਕੇ ਅਗਰਵਾਲ, ਅਸ਼ੋਕ ਕੁਮਾਰ, ਮਾਸਟਰ ਹਰਿਮੰਦਰ ਸਿੰਘ, ਰੁਪਿੰਦਰ ਬਿੰਦਰਾ, ਬਲਵੰਤ ਰਾਏ ਨਾਥ, ਟਿੰਕੂ ਗਰੋਵਰ, ਸੰਜੀਵ ਕੁਮਾਰ ਭੁੱਚੋ, ਮਾਧਵ ਸ਼ਰਮਾ, ਕਿਰਨਜੀਤ ਸਿੰਘ ਗਹਿਰੀ ਸਮੇਤ ਕਾਂਗਰਸ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।