ਨਵੀਂ ਕੇਸੀਸੀ ਨੀਤੀ ਕਿਸਾਨਾਂ 'ਤੇ ਵਾਧੂ ਆਰਥਿਕ ਬੋਝ ਪਾਉਣ ਵਾਲੀ: ਜਗਜੀਤ ਸਿੰਘ ਜੱਗਾ ਨਵੀਂ ਕੇਸੀਸੀ ਨੀਤੀ ਕਿਸਾਨਾਂ 'ਤੇ ਵਾਧੂ ਆਰਥਿਕ ਬੋਝ ਪਾਉਣ ਵਾਲੀ: ਜਗਜੀਤ ਸਿੰਘ ਜੱਗਾ
Publish Date: Sat, 31 Oct 2026 04:28 PM (IST)
Updated Date: Sat, 31 Oct 2026 04:29 PM (IST)
ਕੋਟ ਫੱਤਾ, ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਜੱਗਾ ਨੇ ਕੋਆਪਰੇਟਿਵ ਸੋਸਾਇਟੀਆਂ ਵੱਲੋਂ ਕਿਸਾਨਾਂ ਲਈ ਲਾਗੂ ਕੀਤੀ ਜਾ ਰਹੀ ਨਵੀਂ ਕਿਸਾਨ ਕਰੈਡਿਟ ਕਾਰਡ (ਕੇਸੀਸੀ) ਨੀਤੀ ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਘਟਾਉਣ ਦੀ ਬਜਾਏ ਉਨ੍ਹਾਂ ਤੇ ਹੋਰ ਵਾਧੂ ਆਰਥਿਕ ਬੋਝ ਪਾਉਣ ਵਾਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪਹਿਲਾਂ ਹੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ ਅਤੇ ਕਿਸਾਨ ਲਗਾਤਾਰ ਵਧ ਰਹੀਆਂ ਖੇਤੀ ਲਾਗਤਾਂ, ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਖੇਤੀ ਵਸਤਾਂ ਦੀਆਂ ਮਹਿੰਗੀਆਂ ਕੀਮਤਾਂ ਕਾਰਨ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਕਾਰਨ ਵੀ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਸਹਿਕਾਰੀ ਸਭਾਵਾਂ ਕਿਸਾਨਾਂ ਲਈ ਆਰਥਿਕ ਸਹਾਰੇ ਦਾ ਮਹੱਤਵਪੂਰਨ ਸਾਧਨ ਹਨ, ਜਿਨ੍ਹਾਂ ਰਾਹੀਂ ਕਿਸਾਨ ਖੇਤੀਬਾੜੀ ਦੇ ਖ਼ਰਚੇ ਪੂਰੇ ਕਰਨ ਲਈ ਕਰਜ਼ਾ ਪ੍ਰਾਪਤ ਕਰਦੇ ਹਨ। ਇਸ ਲਈ ਸਹਿਕਾਰੀ ਸੋਸਾਇਟੀਆਂ ਰਾਹੀਂ ਦਿੱਤੇ ਜਾਣ ਵਾਲੇ ਕਰਜ਼ੇ ਦੀਆਂ ਸ਼ਰਤਾਂ ਕਿਸਾਨ-ਪੱਖੀ ਅਤੇ ਸੁਖਾਲੀਆਂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਕਿਸਾਨਾਂ ਨੂੰ ਖੇਤੀ ਦੇ ਸੀਜ਼ਨ ਦੌਰਾਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜਗਜੀਤ ਸਿੰਘ ਜੱਗਾ ਨੇ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਕੇ.ਸੀ.ਸੀ. ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪਹਿਲਾਂ ਵਾਂਗ ਕਿਸਾਨਾਂ ਨੂੰ ਰਾਹਤ ਦੇਣ ਵਾਲੀ ਵਿਵਸਥਾ ਲਾਗੂ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਨੀਤੀ ਨੂੰ ਜਲਦ ਵਾਪਸ ਨਾ ਲਿਆ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਵੱਲੋਂ ਕਿਸਾਨਾਂ ਨੂੰ ਲਾਮਬੰਦ ਕਰਕੇ ਸਰਕਾਰ ਅਤੇ ਸਬੰਧਤ ਵਿਭਾਗ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।