ਨੌਜਵਾਨਾਂ ਵੱਲੋਂ ਚਿੱਟੇ ਦਾ ਟੀਕਾ ਲਾਉਣ ਦੀ ਵੀਡੀਓ ਵਾਇਰਲ
ਨੌਜਵਾਨਾਂ ਵੱਲੋਂ ਚਿੱਟੇ ਦਾ ਟੀਕਾ ਲਗਾਉਣ ਦੀ ਵੀਡੀਓ ਵਾਇਰਲ
Publish Date: Sat, 27 Dec 2025 09:03 PM (IST)
Updated Date: Sat, 27 Dec 2025 09:04 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਦੋ ਨੌਜਵਾਨਾਂ ਵੱਲੋਂ ਨਸ਼ੇ ਦਾ ਇੰਜੈਕਸ਼ਨ ਲਗਾਉਂਦੇ ਹੋਏ ਬਣਾਇਆ ਗਿਆ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ। ਇਹ ਘਟਨਾ ਤਲਵੰਡੀ ਸਾਬੋ ਦੀ ਸਰਕਾਰੀ ਲਾਇਬ੍ਰੇਰੀ ਦੇ ਪਿੱਛੇ ਇੱਕ ਖਾਲੀ ਜਗ੍ਹਾ ’ਤੇ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ। ਵਾਇਰਲ ਵੀਡੀਓ ਵਿੱਚ ਇੱਕ ਨੌਜਵਾਨ ਆਪਣੇ ਆਪ ਨੂੰ ਨਸ਼ੇ ਦਾ ਇੰਜੈਕਸ਼ਨ ਲਗਾਉਂਦਾ ਨਜ਼ਰ ਆ ਰਿਹਾ ਹੈ, ਜਦਕਿ ਦੂਜਾ ਨੌਜਵਾਨ ਉਸ ਦੇ ਕੋਲ ਬੈਠਾ ਹੋਇਆ ਦਿਖਾਈ ਦੇ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਤਲਵੰਡੀ ਸਾਬੋ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਇਲਾਕੇ ਦੀ ਤਲਾਸ਼ੀ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਖਾਲੀ ਥਾਵਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਸੋ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਪੀੜਤ ਵਿਅਕਤੀ ਮਿਲਦਾ ਹੈ ਤਾਂ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ, ਜਦਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਕਾਰਵਾਈ ਜਾਰੀ ਹੈ, ਤਾਂ ਜੋ ਨਸ਼ੇ ’ਤੇ ਨਕੇਲ ਕੱਸੀ ਜਾ ਸਕੇ।