ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਮੋਟਰਸਾਈਕਲ ਮਾਰਚ
ਨਿੱਜੀਕਰਨ ਦੀਆਂ ਨੀਤੀਆਂ ਖਿਲਾਫ਼ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ
Publish Date: Thu, 01 Jan 2026 05:39 PM (IST)
Updated Date: Thu, 01 Jan 2026 05:41 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਜ਼ਿਲ੍ਹੇ ਦੇ ਪਿੰਡ ਨਥਾਣਾ, ਬਠਿੰਡਾ, ਸੰਗਤ ਅਤੇ ਮੌੜ ਬਲਾਕਾਂ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਠੇਕਾ ਕਾਮੇ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢੇ ਗਏ। ਇਨ੍ਹਾਂ ਮਾਰਚਾਂ ਰਾਹੀਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਕਿਰਤੀ ਵਰਗਾਂ ਖ਼ਿਲਾਫ਼ ਵੱਖ-ਵੱਖ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਸੋਧਾਂ ਦੇ ਵਿਰੋਧ ਵਿਚ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਆਗੂਆਂ ਨੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ 2025, ਮਨਰੇਗਾ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ, ਚਾਰ ਲੇਬਰ ਕੋਡ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਦੀ ਵਿਕਰੀ ਦੇ ਖ਼ਿਲਾਫ਼ ਜਨਤਕ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਮਾਰਚਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਮੇਤ ਵੱਖ-ਵੱਖ ਸਰਕਾਰਾਂ ਵੱਲੋਂ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਭਾਕਿਊ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਰਾਜ ਮਹਿੰਦਰ ਸਿੰਘ ਕੋਟਭਾਰਾ, ਟੀਐਸਯੂ (ਭੰਗਲ) ਦੇ ਆਗੂ ਜਨਕ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਤੋਂ ਗੁਰਵਿੰਦਰ ਸਿੰਘ ਪੰਨੂ, ਪੰਜਾਬ ਖੇਤ ਮਜ਼ਦੂਰ ਸਭਾ ਤੋਂ ਮਿੱਠੂ ਸਿੰਘ ਘੁੱਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਗੁਰਤੇਜ ਸਿੰਘ, ਡੀਟੀਐਫ ਤੋਂ ਜਗਦੀਪ ਸਿੰਘ ਅਤੇ ਬਿਜਲੀ ਮੁਲਾਜ਼ਮ ਪੈਨਸ਼ਨਰ ਯੂਨੀਅਨ ਤੋਂ ਬਿਖੂਰਾਮ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਮਾਰਚ ਜ਼ਿਲ੍ਹੇ ਦੇ ਹੋਰ ਬਲਾਕਾਂ ਵਿਚ 4 ਜਨਵਰੀ ਤਕ ਜਾਰੀ ਰਹਿਣਗੇ। ਇਸ ਤੋਂ ਇਲਾਵਾ 16 ਜਨਵਰੀ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਵੱਡੇ ਰੋਸ ਮਾਰਚ ਕੀਤੇ ਜਾਣਗੇ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਸੰਘਰਸ਼ ਨੂੰ ਸਫ਼ਲ ਬਣਾਇਆ ਜਾਵੇ।