ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਸੰਭਾਲਿਆ ਚਾਰਜ
ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਸੰਭਾਲਿਆ ਚਾਰਜ, ਪਾਰਟੀ ਦੀ ਮਜ਼ਬੂਤੀ ਦਾ ਦਿੱਤਾ ਭਰੋਸਾ
Publish Date: Thu, 01 Jan 2026 05:43 PM (IST)
Updated Date: Thu, 01 Jan 2026 05:44 PM (IST)

- ਪਾਰਟੀ ਦੀ ਮਜ਼ਬੂਤੀ ਲਈ ਦਿੱਤਾ ਭਰੋਸਾ - ‘ਆਪ’ ਸਰਕਾਰ ’ਤੇ ਕੀਤੇ ਤਿੱਖੇ ਹਮਲੇ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਅਧਿਕਾਰਿਕ ਤੌਰ ’ਤੇ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਹਾਜ਼ਰ ਰਹੇ। ਚਾਰਜ ਸੰਭਾਲਣ ਤੋਂ ਬਾਅਦ ਪ੍ਰੀਤਮ ਸਿੰਘ ਕੋਟਭਾਈ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਨੁਭਵੀ ਅਤੇ ਲੋਕ-ਹਿਤੈਸ਼ੀ ਪਾਰਟੀ ਹੈ, ਜਿਸ ਨੇ ਹਮੇਸ਼ਾਂ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਪਿੰਡ ਅਤੇ ਹਰ ਬੂਥ ਤਕ ਪਾਰਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਵਰਕਰਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕੋਟਭਾਈ ਨੇ ਕਿਹਾ ਕਿ ਵਰਕਰਾਂ ਦੀ ਇੱਜ਼ਤ ਅਤੇ ਉਨ੍ਹਾਂ ਦੀ ਸੁਣਵਾਈ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵੱਡੇ-ਵੱਡੇ ਦਾਅਵੇ ਅੱਜ ਸਿਰਫ਼ ਕਾਗਜ਼ਾਂ ਤਕ ਹੀ ਸੀਮਤ ਰਹਿ ਗਏ ਹਨ। ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਸਰਕਾਰ ਪੂਰੀ ਤਰ੍ਹਾਂ ਖਾਮੋਸ਼ ਹੈ। ਕੋਟਭਾਈ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਚਿੰਤਾਜਨਕ ਬਣ ਚੁੱਕੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਨਸ਼ਿਆਂ ਦੇ ਮਾਮਲੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਮੁਕਤੀ ਦੇ ਨਾਂ ’ਤੇ ਸਿਰਫ਼ ਰਾਜਨੀਤੀ ਕੀਤੀ ਹੈ, ਜਦਕਿ ਹਕੀਕਤ ਵਿੱਚ ਨਸ਼ਾ ਅਜੇ ਵੀ ਨੌਜਵਾਨਾਂ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੜਕ ਤੋਂ ਲੈ ਕੇ ਸਦਨ ਤਕ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇੱਕ ਵਾਰ ਫਿਰ ਕਾਂਗਰਸ ’ਤੇ ਭਰੋਸਾ ਜ਼ਰੂਰ ਜਿਤਾਉਣਗੇ। ਸਮਾਗਮ ਦੌਰਾਨ ਮੌਜੂਦ ਸੀਨੀਅਰ ਆਗੂਆਂ ਨੇ ਨਵੇਂ ਜ਼ਿਲ੍ਹਾ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਦਿਹਾਤੀ ਜ਼ਿਲ੍ਹੇ ਵਿੱਚ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲੇਗੀ। ਇਸ ਮੌਕੇ ਕੋਟਭਾਈ ਨੇ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਧਾਨ ਰਾਜਨ ਗਰਗ, ਯੂਥ ਆਗੂ ਐਡਵੋਕੇਟ ਜਸ ਬੱਜੋਆਣਾ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਗੋਬਿੰਦਪੁਰਾ ਆਦਿ ਹਾਜ਼ਰ ਸਨ।