ਪੱਤਰਕਾਰ ਭਾਈਚਾਰਾ 4 ਨੂੰ ਚੰਡੀਗੜ੍ਹ ’ਚ ਕਰੇਗਾ ਰੋਸ ਪ੍ਰਦਰਸ਼ਨ
ਪੱਤਰਕਾਰ ਭਾਈਚਾਰਾ 4 ਜਨਵਰੀ ਨੂੰ ਚੰਡੀਗੜ੍ਹ ਵਿੱਚ ਕਰੇਗਾ ਰੋਸ ਪ੍ਰਦਰਸ਼ਨ
Publish Date: Thu, 01 Jan 2026 06:05 PM (IST)
Updated Date: Thu, 01 Jan 2026 06:08 PM (IST)

- ਪੱਤਰਕਾਰਾਂ ’ਤੇ ਦਰਜ ਕੀਤੇ ਕੇਸ ਦਾ ਮਾਮਲਾ - ਪੱਤਰਕਾਰ ਭਾਈਚਾਰਾ 4 ਜਨਵਰੀ ਨੂੰ ਚੰਡੀਗੜ੍ਹ ’ਚ ਕਰੇਗਾ ਰੋਸ ਪ੍ਰਦਰਸ਼ਨ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ 4 ਜਨਵਰੀ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ ਪ੍ਰੈੱਸ ਕਲੱਬ ਵਿੱਚ ਪ੍ਰਧਾਨ ਬਖਤੌਰ ਸਿੰਘ ਢਿੱਲੋ ਦੀ ਅਗਵਾਈ ਹੇਠ ਹੋਈ ਪੱਤਰਕਾਰਾਂ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਕੁਝ ਪੱਤਰਕਾਰਾਂ ਨੇ ਸਰਕਾਰ ਉੱਪਰ ਸਵਾਲ ਉਠਾਏ ਸਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ 10 ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰਾਂ ਪੱਤਰਕਾਰਾਂ ਦੀ ਜੁਬਾਨਬੰਦੀ ਕਰਨ ’ਤੇ ਤੁਲੀ ਹੋਈ ਹੈ। ਬਖਤੌਰ ਢਿੱਲੋਂ ਨੇ ਕਿਹਾ ਕਿ ਜਿਹੜੇ ਸਵਾਲ ਵਿਰੋਧੀ ਧਿਰ ਵਿੱਚ ਹੁੰਦਿਆਂ ਮੁੱਖ ਮੰਤਰੀ ਖੁਦ ਕਰਦੇ ਸਨ, ਹੁਣ ਅਜਿਹੇ ਸਵਾਲ ਕਰਨ ਵਾਲੇ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲਾਂ ਵਿੱਚ ਸੁੱਟਣ ਦੀ ਤਿਆਰੀ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸਮੁੱਚਾ ਪੱਤਰਕਾਰ ਭਾਈਚਾਰਾ ਚਾਰ ਜਨਵਰੀ ਨੂੰ ਚੰਡੀਗੜ੍ਹ ਸੈਕਟਰ 17 ਵਿਖੇ ਸਰਕਾਰ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਤੋਂ ਬਾਅਦ 8 ਜਨਵਰੀ ਨੂੰ ਬਠਿੰਡਾ ਵਿੱਚ ਪੱਤਰਕਾਰਾਂ ਅਤੇ ਜਨਤਕ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਤੋਂ ਬਾਅਦ ਵਿਸ਼ਾਲ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਜਨਤਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੁਝ ਨੁਮਾਇੰਦੇ ਇਸ ਰੋਸ ਪ੍ਰਦਰਸ਼ਨ ਵਿੱਚ ਜਰੂਰ ਭੇਜਣ। ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਗੁਰਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਪੱਤਰਕਾਰਾਂ ਖਿਲਾਫ ਦਰਜ ਮਾਮਲੇ ਸਬੰਧੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮ ਨੂੰ ਯੂਨੀਅਨ ਵੱਲੋਂ ਮੰਗ ਪੱਤਰ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ ਅਤੇ 4 ਜਨਵਰੀ ਦੇ ਪ੍ਰਦਰਸ਼ਨ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ, ਪੱਤਰਕਾਰ ਪਰਵਿੰਦਰਜੀਤ ਸਿੰਘ, ਮਨਿੰਦਰ ਸਿੰਘ ਸਿੱਧੂ, ਰਤਨ ਸਿੰਘ ਧਾਲੀਵਾਲ, ਮਨਦੀਪ ਸਿੰਘ ਮੱਕੜ, ਮਿੰਟੂ ਗੁਰੂਸਰੀਆ, ਮਾਣਕ ਗੋਇਲ, ਸੂਰਜ ਸ਼ਰਮਾ, ਭੂਸ਼ਣ ਜਿੰਦਲ, ਰਣਜੀਤ ਸਿੰਘ ਗਿੱਲ, ਜਸ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਪੱਤਰਕਾਰ ਹਾਜ਼ਰ ਸਨ।