ਸਿਵਲ ਹਸਪਤਾਲ ’ਚ ਨਵੇਂ ਸਾਲ ’ਤੇ ਪਾਏ ਸ੍ਰੀ ਸੁਖਮਨੀ ਸਾਹਿਬ ਦੇ ਭੋਗ
ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਨਵੇਂ ਸਾਲ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ
Publish Date: Fri, 02 Jan 2026 05:40 PM (IST)
Updated Date: Sat, 03 Jan 2026 04:08 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਨਵੇਂ ਸਾਲ ਦੀ ਆਮਦ ਦੇ ਸ਼ੁਭ ਮੌਕੇ ’ਤੇ ਐੱਸਐੱਮਓ ਰਵੀ ਕਾਂਤ ਗੁਪਤਾ ਦੀ ਅਗਵਾਈ ਅਤੇ ਸਮੂਹ ਹਸਪਤਾਲ ਸਟਾਫ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿਚ ਜਿੱਥੇ ਹਸਪਤਾਲ ਦੇ ਸਮੂਹ ਡਾਕਟਰਾਂ, ਨਰਸਿੰਗ ਤੇ ਹੋਰ ਸਟਾਫ ਨੇ ਸ਼ਰਧਾ ਨਾਲ ਹਾਜ਼ਰੀ ਭਰੀ, ਉੱਥੇ ਹੀ ਡੀਐੱਸਪੀ ਹਰਪ੍ਰੀਤ ਸਿੰਘ ਚਾਹਲ, ਨਗਰ ਕੌਂਸਲ ਪ੍ਰਧਾਨ ਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤ ਨੂੰ ਨਵੇਂ ਸਾਲ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਭ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਮਓ ਰਵੀ ਕਾਂਤ ਗੁਪਤਾ ਨੇ ਹਾਜ਼ਰ ਸੰਗਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਹਸਪਤਾਲ ਦੀ ਦਿੱਖ ਨੂੰ ਸੁਧਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਟਾਫ ਦੀ ਪੂਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸਟਾਫ ਦੇ ਸਹਿਯੋਗ ਦੀ ਸਰਾਹਨਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਲੋਕਾਂ ਨੂੰ ਸੁਚੱਜੀਆਂ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਸਮਾਗਮ ਦੀ ਸਮਾਪਤੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਭਾਈ ਜਗਤਾਰ ਸਿੰਘ ਅਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਅਤੇ ਉਧਰ ਰਾਮਾਂ ਮੰਡੀ ਤੋਂ ਲਾਇਨਜ਼ ਕਲੱਬ ਰਾਮਾਂ ਹੋਪ ਵੱਲੋਂ ਰਵੀ ਕਾਂਤ ਗੁਪਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਭੋਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।