ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਪਾਏ ਭੋਗ
ਪਿੰਡ ਨਥੇਹਾ ਵਿਖੇ ਸਰਬੱਤ ਦੇ ਭਲੇ ਅਤੇ ਦੁਰਘਟਨਾਵਾਂ ਤੋਂ ਬਚਾਅ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ
Publish Date: Fri, 02 Jan 2026 05:50 PM (IST)
Updated Date: Sat, 03 Jan 2026 04:08 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਮੌਕੇ ਪਿੰਡ ਨਥੇਹਾ ਦੇ ਬੱਸ ਸਟੈਂਡ ਉਪਰ ਸਥਿਤ ਮਾਰਕੀਟ ਦੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੜਕਾਂ ’ਤੇ ਵਾਪਰ ਰਹੇ ਹਾਦਸਿਆਂ ਤੋਂ ਬਚਾਅ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਪਾਉਣ ਉਪਰੰਤ ਹੈਡ ਗ੍ਰੰਥੀ ਭਾਈ ਜਰਨੈਲ ਸਿੰਘ ਮਿੱਠੂ ਨੇ ਇਕੱਤਰ ਸੰਗਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਬਾਣੀ ਸਾਨੂੰ ਸੱਚ, ਸੇਵਾ ਅਤੇ ਸਬਰ ਦੇ ਰਾਹ ‘ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ, ਧੀਰਜ ਅਤੇ ਸਾਵਧਾਨੀ ਨਾਲ ਵਾਹਨ ਚਲਾਈਏ ਤਾਂ ਜੋ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ। ਨਾਲ ਹੀ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਦੇ ਮੋਹਤਬਰ ਜਸਵੀਰ ਸਿੰਘ ਚਾਹਲ, ਚਰਨਜੀਤ ਸਿੰਘ ਸੱਗੂ, ਚਰਨਜੀਤ ਸ਼ਰਮਾ ਅਤੇ ਮੇਜਰ ਸਿੰਘ ਚਾਹਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਧਾਰਮਿਕ ਅਤੇ ਸਮਾਜਿਕ ਕਾਰਜਾਂ ਨਾਲ ਕਰਨਾ ਸਮਾਜ ਵਿਚ ਸਕਾਰਾਤਮਕ ਸੋਚ ਪੈਦਾ ਕਰਦਾ ਹੈ। ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਸਰਬੱਤ ਦੇ ਭਲੇ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੋਹਰਾਇਆ। ਸਮਾਗਮ ਦੇ ਅੰਤ ਵਿਚ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ। ਪਿੰਡ ਵਾਸੀਆਂ ਅਤੇ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਧਾਰਮਿਕ ਤੇ ਸਮਾਜਿਕ ਕਾਰਜ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਲੀਲਾ ਸਿੰਘ ਗੋਲੇਵਾਲਾ, ਰਸ਼ਨਦੀਪ ਸਿੰਘ, ਦੀਪ ਸ਼ਰਮਾ, ਗਗਨਦੀਪ ਸਿੰਘ ਆਦਿ ਨੇ ਸੇਵਾਵਾਂ ਨਿਭਾਈਆਂ।