ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ’ਚ ਲੋਕਾਂ ਦਾ ਸਾਥ ਜ਼ਰੂਰੀ : ਹਿਮੰਤ ਸਿੰਘ
ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ :- ਹਿਮੰਤ ਸਿੰਘ
Publish Date: Sat, 03 Jan 2026 05:29 PM (IST)
Updated Date: Sun, 04 Jan 2026 04:08 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ
ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੋਕਾਂ ਦਾ ਸਹਿਯੋਗ ਲੈਣ ਲਈ ‘ਆਪ’ ਵੱਲੋਂ ਸ਼ੁਰੂ ਕੀਤੇ ਗਏ “ਨਸ਼ਾ ਮੁਕਤੀ ਮੋਰਚਾ” ਦੇ ਮੌੜ ਹਲਕੇ ਦੇ ਕੋਆਰਡੀਨੇਟਰ ਹਿੰਮਤ ਸਿੰਘ ਦੀ ਅਗਵਾਈ ਹੇਠ ਐੱਸਡੀਐੱਮ, ਡੀਐੱਸਪੀ ਮੌੜ ਤੇ ਬੀਡੀਪੀਓ ਮੌੜ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੋਆਰਡੀਨੇਟਰ ਹਿੰਮਤ ਸਿੰਘ ਕੁੱਤੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਿਰਣਾਇਕ ਲੜਾਈ ਵਿੱਢੀ ਹੈ, ਜਿਸ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ’ਚ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਸਤਕ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਅਧੀਨ ਪਿੰਡ ਤੇ ਵਾਰਡ ਪੱਧਰ ’ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਤੇ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਘਰ-ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਗੇ। ਜੇਕਰ ਕੋਈ ਉਸ ਪਰਿਵਾਰ ਦਾ ਮੈਂਬਰ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਤੇ ਉਨ੍ਹਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਮੰਗਿਆ ਜਾਵੇਗਾ। ਇਹ ਮੁਹਿੰਮ ਪਹਿਲਾਂ ਪਿੰਡਾਂ ਵਿੱਚ ਚਲਾਈ ਜਾਵੇਗੀ, ਫਿਰ ਛੋਟੇ ਕਸਬਿਆਂ ਅਤੇ ਸ਼ਹਿਰਾਂ ਦੇ ਵਿੱਚ ਇਸ ਲੜੀ ਤਹਿਤ ਲੋਕਾਂ ਤੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ’ਚ ਸਹਿਯੋਗ ਲਿਆ ਜਾਵੇਗਾ। ਇਸ ਮੀਟਿੰਗ ਵਿਚ ਯੁੱਧ ਨਸ਼ਿਆਂ ਵਿਰੁੱਧ ਦੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਨੰਬਰਦਾਰ, ਵਾਈਸ ਪ੍ਰਧਾਨ ਜਸਵਿੰਦਰ ਸਿੰਘ ਕੁੱਬੇ ਤੋਂ ਇਲਾਵਾ ਬਲਾਕ ਪ੍ਰਧਾਨ ਵੀ ਹਾਜ਼ਰ ਸਨ।