ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ
ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
Publish Date: Sun, 04 Jan 2026 04:00 PM (IST)
Updated Date: Mon, 05 Jan 2026 04:03 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਜੱਥੇ ਨੂੰ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਗਿੱਲ ਕਲਾਂ ਦੇ ਜਵਾਹਰ ਨਗਰ ਬੂਥ ਨੰਬਰ 13 ਤੋਂ ਰਵਾਨਾ ਕੀਤਾ ਗਿਆ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਦਾਨ ਸਿੰਘ ਵਾਲਾ ਦੇ ਬੂਥ ਨੰਬਰ 6 ਤੋਂ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬੁਰਜ ਮਹਿਮਾ ਦੇ ਬੂਥ ਨੰਬਰ 8 ਤੋਂ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਤੋਂ ਅਤੇ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਹਾਕਮ ਸਿੰਘ ਵਾਲਾ ਤੋਂ ਬੱਸਾਂ ਨੂੰ ਧਾਰਮਿਕ ਸਥਾਨਾਂ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇਕ ਵਿਸ਼ੇਸ਼ ਪਹਿਲਕਦਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ’ਤੇ ਧੰਨਵਾਦ ਕੀਤਾ ।