ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮਹੀਨਾਵਾਰ ਮੀਟਿੰਗ
ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Mon, 05 Jan 2026 07:06 PM (IST)
Updated Date: Tue, 06 Jan 2026 04:09 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਦੀ ਮਹੀਨਾਵਾਰ ਮੀਟਿੰਗ ਅੱਜ ਐਸੋਸੀਏਸ਼ਨ ਦਫ਼ਤਰ, ਪੁਰਾਣੀ ਤਹਿਸੀਲ ਬਠਿੰਡਾ ਵਿਖੇ ਪ੍ਰਧਾਨ ਰਣਜੀਤ ਸਿੰਘ ਤੂਰ (ਸੇਵਾ ਮੁਕਤ ਡੀਐਸਪੀ.) ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਲਗਭਗ 180 ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਵਿਚ ਪਿਛਲੇ ਸਾਲ ਦੌਰਾਨ ਸਦੀਵੀ ਵਿਛੋੜਾ ਦੇ ਗਏ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਰਨੈਲ ਸਿੰਘ ਬਾਹੀਆ, ਜਨਰਲ ਸਕੱਤਰ ਐਸੋਸੀਏਸ਼ਨ ਨੇ ਮਰਹੂਮ ਮੈਂਬਰਾਂ ਦੇ ਨਾਮ ਪੜ੍ਹ ਕੇ ਸੁਣਾਏ ਤੇ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਦੀ ਯਾਦ ’ਚ ਸ਼ਰਧਾਂਜਲੀ ਭੇਟ ਕੀਤੀ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਸਾਲ 2025 ਦੌਰਾਨ ਇਕ ਵੀ ਡੀਏ (ਮਹਿੰਗਾਈ ਭੱਤਾ) ਦੀ ਕਿਸ਼ਤ ਨਾ ਜਾਰੀ ਕਰਨ ’ਤੇ ਡੂੰਘਾ ਰੋਸ ਪ੍ਰਗਟ ਕੀਤਾ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਪੈਂਡਿੰਗ 16 ਫੀਸਦੀ ਡੀਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਅਤੇ ਇਸ ਲਈ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਲਿਆ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ’ਚ ਇੱਕਜੁਟ ਹੋ ਕੇ ਸਰਕਾਰ ਨੂੰ ਜਵਾਬ ਦੇਣ ਦੀ ਗੱਲ ਵੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਖਿਲਾਫ ਦਰਜ ਕੀਤੇ ਗਏ ਮੁਕੱਦਮਿਆਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਮੈਂਬਰਾਂ ਨੇ ਕਿਹਾ ਕਿ ਸਰਕਾਰ ਲੋਕ ਅਵਾਜ਼ ਨੂੰ ਦਬਾਉਣ ਲਈ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਐਸੋਸੀਏਸ਼ਨ ਨੇ ਪੱਤਰਕਾਰਾਂ ’ਤੇ ਦਰਜ ਸਾਰੇ ਮੁਕੱਦਮੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਰਣਜੀਤ ਸਿੰਘ ਤੂਰ (ਰਿਟਾ. ਡੀ.ਐਸ.ਪੀ.) ਵੱਲੋਂ ਐਸੋਸੀਏਸ਼ਨ ਦੇ ਨਵੇਂ ਬਣੇ ਮੈਂਬਰਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ । ਆਖ਼ਰ ਵਿੱਚ ਪ੍ਰਧਾਨ ਵੱਲੋਂ ਮੀਟਿੰਗ ਵਿਚ ਹਾਜ਼ਰ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।