ਨੌਜਵਾਨ ਨਸ਼ੇ ਛੱਡ ਕੇ ਖੇਡਾਂ ਨੂੰ ਅਪਨਾਉਣ : ਜ਼ਿਲ੍ਹਾ ਤੇ ਸੈਸ਼ਨ ਜੱਜ
ਨੌਜਵਾਨਾਂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ : ਜ਼ਿਲ੍ਹਾ ਤੇ ਸੈਸ਼ਨ ਜੱਜ
Publish Date: Tue, 06 Jan 2026 05:54 PM (IST)
Updated Date: Wed, 07 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਬਠਿੰਡਾ ਵੱਲੋਂ ਨਸ਼ਿਆਂ ਖਿਲਾਫ ਇਕ ਮਹੀਨੇ ਲਈ ਵਿੱਢੀ ਗਈ ‘ਯੂਥ ਅਗੇਨਸਟ ਡਰੱਗਰਜ’ ਮੁਹਿੰਮ ਦੇ ਅਖੀਰਲੇ ਦਿਨ ਸਥਾਨਕ ਕੋਰਟ ਕੰਪਲੈਕਸ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਨੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਨੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਨੇਸ਼ ਕੁਮਾਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਿਹਾ ਕਿ ਨਸ਼ਾ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜਕ ਢਾਂਚੇ ਨੂੰ ਵੀ ਕਮਜ਼ੋਰ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਕਾਨੂੰਨੀ, ਸਮਾਜਕ ਅਤੇ ਸਿਹਤ ਸਬੰਧੀ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਯੂਥ ਅੰਗੇਸਟ ਡਰੱਗਜ਼ ਮੁਹਿੰਮ ਦੇ ਤਹਿਤ ਇਕ ਮਹੀਨੇ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਬੱਚਿਆਂ ਦੇ ਪੇਂਟਿੰਗ ਮੁਕਾਬਲੇ, ਸੈਮੀਨਾਰ, ਨੁੱਕੜ ਨਾਟਕ, ਖੂਨਦਾਨ ਕੈਂਪ ਆਦਿ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਪੈਰਾਲੀਗਲ ਵਲੰਟੀਅਰ ਦੇ ਨੁਮਾਇੰਦੇ ਅਮਰਜੋਤ ਸ਼ਰਮਾ ਅਤੇ ਸੱਸੀ ਸਿੱਕਾ ਨੇ ਜਿੱਥੇ ਨਸ਼ਿਆਂ ਖਿਲਾਫ ਕਵਿਤਾਵਾਂ ਦਾ ਉਚਾਰਨ ਕੀਤਾ, ਉੱਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦਾ ਹੋਇਆ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਮਾਨ, ਪੈਰਾ ਲੀਗਲ ਵਲੰਟੀਅਰ ਦੇ ਨੁਮਾਇੰਦੇ, ਵਕੀਲ ਸਾਹਿਬਾਨ ਆਦਿ ਹਾਜ਼ਰ ਸਨ।