ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਕਾਬੂ
ਚੋਰੀ ਦੇ ਮੋਟਰਸਾਈਕਲ ਸਮਤੇ ਇਕ ਵਿਅਕਤੀ ਗ੍ਰਿਫ਼ਤਾਰ
Publish Date: Wed, 07 Jan 2026 04:36 PM (IST)
Updated Date: Thu, 08 Jan 2026 04:00 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਜਿਥੇ ਇਕ ਵਿਅਕਤੀ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ, ਉਥੇ ਇਕ ਮਹੀਨਾ ਪਹਿਲਾਂ ਘਰ ਚੋਂ ਚੋਰੀ ਹੋਏ ਸੋਨੇ ਦੇ ਗਹਿਣਿਆਂ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਮੰਦਰ ਸਿੰਘ ਵਾਸੀ ਪਿੰਡ ਭਲਾਈਆਣਾ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਤੇ ਚੋਰੀ ਕੀਤੇ ਮੋਟਰਸਾਈਕਲ ਅੱਗੇ ਵੇਚਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਨਰੂਆਣਾ ਰੋਡ ਨੇੜੇ ਨਾਕੇਬੰਦੀ ਕੀਤੀ। ਇਸ ਦੌਰਾਨ ਉਕਤ ਮੁਲਜ਼ਮ ਨੂੰ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਹੋਰ ਵੀ ਚੋਰੀ ਕੀਤੇ ਵਾਹਨਾਂ ਬਾਰੇ ਪਤਾ ਲਗ ਸਕੇ। ਥਾਣਾ ਥਰਮਲ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਨੇ ਦੱਸਿਆ ਕਿ ਇਕ ਮਹੀਨੇ ਪਹਿਲਾ ਉਸ ਦੇ ਘਰ ’ਚੋਂ ਅਣਪਛਾਤੇ ਵਿਅਕਤੀ ਨੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।