ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਹੋਈ ਮਹੀਨਾਵਾਰ ਮੀਟਿੰਗ
ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Wed, 07 Jan 2026 04:43 PM (IST)
Updated Date: Thu, 08 Jan 2026 04:03 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ’ਚ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ ਗਈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਕੂਲਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ, ਕੈਂਪ ਅਤੇ ਹੋਰ ਸਰਗਰਮੀਆਂ ਵਿਚ ਤੇਜੀ ਲਿਆਂਦੀ ਜਾਵੇ । ਉਨ੍ਹਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ’ਚ ਬੀਈਈ ਵਰਗੇ ਮੈਦਾਨੀ ਸਟਾਫ ਦਾ ਅਹਿਮ ਯੋਗਦਾਨ ਹੁੰਦਾ ਹੈ। ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਕਰਕੇ ਹੀ ਜਨਤਾ ਤਕ ਜਾਗਰੂਕਤਾ ਮੁਹਿੰਮਾਂ, ਨਿਯਮਿਤ ਸਰਵੇ, ਟੀਕਾਕਰਣ ਅਤੇ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ ਦੇ ਸੁਨੇਹੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੇ ਹਨ। ਘੱਟ ਲਿੰਗ ਅਨੁਪਾਤ ਵਾਲੇ ਇਲਾਕਿਆਂ ਵਿਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਨੂੰ ਧੀ-ਪੁੱਤਰ ਵਿਚ ਸਮਾਨਤਾ ਦਾ ਸੰਦੇਸ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੀਸੀਪੀਐੱਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਭਰੂਣ ਹੱਤਿਆ ਵਰਗੀਆਂ ਗ਼ੈਰ-ਕਾਨੂੰਨੀ ਪ੍ਰਥਾਵਾਂ ’ਤੇ ਰੋਕ ਲਾਈ ਜਾ ਸਕੇ। ਸਮਾਜ ਦੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਲਿੰਗ ਅਨੁਪਾਤ ਵਿਚ ਸੁਧਾਰ ਲਿਆਇਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।