ਮਨਰੇਗਾ ਸਕੀਮ ਖ਼ਤਮ ਕਰਨ ਦੇ ਵਿਰੋਧ ’ਚ ਰੋਸ ਰੈਲੀ 11 ਨੂੰ
ਮਨਰੇਗਾ ਸਕੀਮ ਖ਼ਤਮ ਕਰਨ ਦੇ ਵਿਰੋਧ ’ਚ ਜ਼ਿਲ੍ਹਾ ਪੱਧਰੀ ਰੋਸ ਰੈਲੀ 11 ਜਨਵਰੀ ਨੂੰ
Publish Date: Thu, 08 Jan 2026 04:28 PM (IST)
Updated Date: Thu, 08 Jan 2026 04:30 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮਨਰੇਗਾ ਸਕੀਮ ਨੂੰ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ 11 ਜਨਵਰੀ ਨੂੰ ਕਾਂਗਰਸ ਪਾਰਟੀ ਵੱਲੋਂ ਲਹਿਰਾ ਬੇਗਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਹਲਕਾ ਸੇਵਾਦਾਰ ਰਾਮਪੁਰਾ ਫੂਲ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਕੀਤੀ ਜਾਵੇਗੀ ਤੇ ਸਾਰੇ ਹਲਕਿਆਂ ਦੇ ਆਗੂ ਆਪਣੇ ਵਰਕਰਾਂ ਨਾਲ ਹਾਜ਼ਰ ਹੋਣਗੇ। ਜੱਸ ਬੱਜੋਆਣਾ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਮਨਰੇਗਾ ਮਜ਼ਦੂਰਾਂ ਨੂੰ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਲੜਾਈ ਮੋਦੀ ਸਰਕਾਰ ਨਾਲ ਹੈ ਤੇ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜਨੀ ਪਵੇਗੀ ਤਾਂ ਜੋ ਇਨ੍ਹਾਂ ਦੇ ਰੁਜ਼ਗਾਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਰਕਰਾਂ ਨੂੰ ਇਸ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।