ਠੇਕਾ ਕੰਪਿਊਟਰ ਆਪ੍ਰੇਟਰਾਂ ਦੀਆਂ ਤਨਖਾਹਾਂ ਰੋਕਣ ’ਤੇ ਸਰਕਾਰ ਖ਼ਿਲਾਫ਼ ਰੋਸ ਜਾਹਰ
ਠੇਕਾ ਕੰਪਿਊਟਰ ਆਪਰੇਟਰਾਂ ਦੀਆਂ ਤਨਖਾਹਾਂ ਰੋਕਣ 'ਤੇ ਸਰਕਾਰ ਖ਼ਿਲਾਫ਼ ਰੋਸ ਜਾਹਰ
Publish Date: Thu, 08 Jan 2026 05:21 PM (IST)
Updated Date: Thu, 08 Jan 2026 05:24 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਠੇਕਾ ਕਰਮਚਾਰੀ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਨੀਲੋਂ, ਜਗਸੀਰ ਸਿੰਘ ਭੰਗੂ, ਰਮਨਦੀਪ ਸਿੰਘ, ਪਰਮਜੀਤ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਫਰਦ ਕੇਂਦਰਾਂ ’ਤੇ ਠੇਕਾ ਪ੍ਰਣਾਲੀ ਅਧੀਨ ਸੇਵਾ ਨਿਭਾਅ ਰਹੇ ਕੰਪਿਊਟਰ ਆਪ੍ਰੇਟਰ ਕਰਮਚਾਰੀਆਂ ਪ੍ਰਤੀ ਕਰਮਚਾਰੀ ਪੱਖੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਨਾ ਤਾਂ ਉਨ੍ਹਾਂ ਦੇ ਵਿਭਾਗਾਂ ਵਿਚ ਪੱਕਾ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਧਿਆਨ ਦਿੱਤਾ ਗਿਆ ਉਲਟਾ ਸਰਕਾਰ ਨੇ ਫਰਦ ਕੇਂਦਰਾਂ ਵਿਚ ਕੰਮ ਕਰ ਰਹੇ ਠੇਕਾ ਕਰਮਚਾਰੀਆਂ ਦੀਆਂ ਤਨਖਾਹਾਂ ਰੋਕ ਕੇ ਉਨ੍ਹਾਂ ਨੂੰ ਆਰਥਿਕ ਤੰਗੀ ਅਤੇ ਭੁੱਖੇ ਮਰਨ ਦੀ ਸਥਿਤੀ ਵਿਚ ਧੱਕ ਦਿੱਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਸਰਕਾਰ ਦੇ ਇਸ ਰਵੱਈਏ ਦੀ ਕੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਫਰਦ ਕੇਂਦਰਾਂ ਦੇ ਸਾਰੇ ਕੰਪਿਊਟਰ ਆਪ੍ਰੇਟਰ ਠੇਕਾ ਕਰਮਚਾਰੀਆਂ ਦੀ ਪੈਂਡਿੰਗ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਫਰਦ ਕੇਂਦਰਾਂ ਦੇ ਠੇਕਾ ਕਰਮਚਾਰੀਆਂ ਦੀ ਤਨਖਾਹ ਜਾਰੀ ਨਹੀਂ ਕੀਤੀ ਤਾਂ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੇ ਠੇਕਾ ਕਰਮਚਾਰੀ ਸੰਘਰਸ਼ ਦਾ ਰਸਤਾ ਅਪਣਾਉਣ ਲਈ ਮਜ਼ਬੂਰ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੰਘਰਸ਼ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਹੱਲ ਕੀਤਾ ਜਾਵੇ।