ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ’ਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Thu, 08 Jan 2026 05:31 PM (IST)
Updated Date: Thu, 08 Jan 2026 05:33 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿਚ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਚਤਰਾ ਸਿੰਘ ਵਾਸੀ ਪਿੰਡ ਗੋਬਿੰਦਪੁਰਾ ਨੇ ਦੱਸਿਆ ਕਿ ਗਗਨਦੀਪ ਸਿੰਘ ਅਤੇ ਬੀਨੂ ਬਠਿੰਡਾ ਨੇ ਅਜੀਤ ਰੋਡ ’ਤੇ ਉਸ ਦੇ ਦੋਸਤ ਦੀ ਕੁੱਟਮਾਰ ਕਰ ਰਹੇ ਸਨ। ਜਦੋਂ ਉਸ ਨੇ ਦੋਸਤ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਤਕ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਹੀ ਥਾਣਾ ਫੂਲ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਸੁਰਜੀਤ ਸਿੰਘ ਵਾਸੀ ਭਾਈਰੂਪਾ ਨੇ ਦੱਸਿਆ ਕਿ ਲਖਬੀਰ ਸਿੰਘ ਵਾਸੀ ਭਾਈਰੂਪਾ ਨੇ ਉਸ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਥਾਣਾ ਫੂਲ ਦੀ ਪੁਲਿਸ ਨੇ ਮੁਲਜਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਥਾਣਾ ਸੰਗਤ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਕੁਮਾਰ ਗੌਰਵ ਵਾਸੀ ਪੱਕਾ ਕਲਾਂ ਨੇ ਦੱਸਿਆ ਕਿ ਉਹ ਬੱਸ ਅੱਡੇ ਉੱਪਰ ਆਇਆ ਸੀ ਤਾਂ ਇਸ ਦੌਰਾਨ ਪ੍ਰਦੀਪ ਸਿੰਘ, ਅਮਨਦੀਪ ਸਿੰਘ, ਧਰਮਿੰਦਰ ਸਿੰਘ ਵਾਸੀਆਨ ਪਿੰਡ ਪੱਕਾ ਕਲਾਂ ਅਤੇ ਜੋਰਾ ਸਿੰਘ ਵਾਸੀ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇ ਉਸ ਨੂੰ ਘੇਰ ਲਿਆ ਤੇ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਥਾਣਾ ਸੰਗਤ ਮੰਡੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ।