36.47 ਗ੍ਰਾਮ ਹੈਰੋਇਨ ਸਮੇਤ 7 ਵਿਅਕਤੀ ਗ੍ਰਿਫ਼ਤਾਰ
36.47 ਗ੍ਰਾਮ ਹੈਰੋਇਨ ਸਮੇਤ 7 ਵਿਅਕਤੀ ਗ੍ਰਿਫ਼ਤਾਰ
Publish Date: Thu, 08 Jan 2026 05:33 PM (IST)
Updated Date: Thu, 08 Jan 2026 05:36 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਭਾਰੀ ਮਾਤਰਾ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 36.47 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਬੀੜ ਤਲਾਬ ਤੋਂ ਰਾਜਵਿੰਦਰ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਵਿਰਕ ਕਲਾਂ ਤੋਂ ਬੁਰਜ ਮਹਿਮਾ ਲਿੰਕ ਸੜਕ ’ਤੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲਾ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.45 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਮੁਲਜਮ ਨੂੰ ਗ੍ਰਿਫ਼ਤਾਰ ਕਰਕੇ ਬਾਅਦ ਵਿਚ ਜਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਵੀ ਦਿਆਲਪੁਰਾ ਭਾਈ ਕਾ ਵਿਚ ਛਾਪੇਮਾਰੀ ਕਰਦਿਆਂ ਖੁਸ਼ਪ੍ਰੀਤ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦੋਂਕਿ ਥਾਣਾ ਫੂਲ ਦੀ ਪੁਲਿਸ ਨੇ ਪਿੰਡ ਸਿਧਾਣਾ ਨੇੜੇ ਜਤਿੰਦਰ ਸਿੰਘ ਵਾਸੀ ਹਰਨਾਮ ਸਿੰਘ ਵਾਲਾ ਨੂੰ 1.92 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਪਿੰਡ ਹਰਕਿਸ਼ਨਪੁਰਾ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਦੀ ਪਛਾਣ ਸੁਖਪਾਲ ਸਿੰਘ ਵਾਸੀ ਪਿੰਡ ਝੰਡੂਕੇ ਅਤੇ ਸਵਰਨਦੀਪ ਸਿੰਘ ਵਾਸੀ ਪਿੰਡ ਗਹਿਰੀਬਾਰਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਫੜੇ ਗਏ ਉਕਤ ਮੁਲਜਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।