ਦੋ ਦਰਜਨ ਤੋਂ ਵੱਧ ਨੌਜਵਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਦੋ ਦਰਜ਼ਨ ਤੋਂ ਵੱਧ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
Publish Date: Thu, 08 Jan 2026 05:37 PM (IST)
Updated Date: Thu, 08 Jan 2026 05:39 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕਾਂਗਰਸ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਬਠਿੰਡਾ ਦੇ ਰੇਲਵੇ ਲਾਈਨ ਪਾਰ ਇਲਾਕੇ ਦੇ ਪਰਸਰਾਮ ਨਗਰ ਤੋਂ ਦੋ ਦਰਜਨ ਤੋਂ ਵੱਧ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਹ ਨੌਜਵਾਨ ਇਲਾਕੇ ਦੇ ਸਰਗਰਮ ਅਕਾਲੀ ਆਗੂ ਗੁਰਸੇਵਕ ਸਿੰਘ ਮਾਨ ਅਤੇ ਹਰਵਿੰਦਰ ਗੰਜੂ ਦੀਆਂ ਕੋਸ਼ਿਸ਼ਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਚ ਕਰਵਾਏ ਸਮਾਗਮ ਦੌਰਾਨ ਬਠਿੰਡਾ ਲੋਕ ਸਭਾ ਹਲਕੇ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਭਵਿੱਖ ਵਿਚ ਵੀ ਨੌਜਵਾਨਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕਾਰਨ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਵਿਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ, ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੇ ਮੋਰਚੇ ’ਤੇ ਇਹ ਸਰਕਾਰਾਂ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਿਸ ਕਾਰਨ ਨੌਜਵਾਨ ਅਕਾਲੀ ਦਲ ਵੱਲ ਰੁਝਾਨ ਕਰ ਰਹੇ ਹਨ। ਬਬਲੀ ਢਿੱਲੋਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਨੌਜਵਾਨ ਅਤੇ ਇਲਾਕੇ ਦੇ ਸਨਮਾਨਿਤ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਕਿਉਂਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸੀ ਕੰਮ ਅੱਜ ਵੀ ਲੋਕਾਂ ਨੂੰ ਯਾਦ ਹਨ।