ਕ੍ਰਿਸ਼ਨ ਭਾਗੀਵਾਂਦਰ ਨੇ ਹਲਕਾ ਤਲਵੰਡੀ ਸਾਬੋ ਤੋਂ ਟਿਕਟ ਲਈ ਕੀਤੀ ਦਾਅਵੇਦਾਰੀ
2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕ੍ਰਿਸ਼ਨ ਭਾਗੀਵਾਂਦਰ ਨੇ ਹਲਕਾ ਤਲਵੰਡੀ ਸਾਬੋ ਤੋਂ ਟਿਕਟ ਲਈ ਠੋਕੀ ਦਾਅਵੇਦਾਰੀ
Publish Date: Fri, 09 Jan 2026 05:00 PM (IST)
Updated Date: Fri, 09 Jan 2026 05:03 PM (IST)

- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਾਲ ਟੀਮ ਸਮੇਤ ਕੀਤੀ ਮੁਲਾਕਾਤ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਤਹਿਤ ਬੀਤੇ ਦਿਨੀਂ ਉਹ ਆਪਣੀ ਟੀਮ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਨ ਪਹੁੰਚੇ, ਜਿਸ ਨਾਲ ਹਲਕਾ ਤਲਵੰਡੀ ਸਾਬੋ ਦੀ ਰਾਜਨੀਤੀ ਵਿਚ ਕਾਫ਼ੀ ਹਲਚਲ ਵੇਖਣ ਨੂੰ ਮਿਲੀ ਹੈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਲਾਈਆਂ ਜਾ ਰਹੀਆਂ ਸਰਗਰਮੀਆਂ ਬਾਰੇ ਪੰਜਾਬ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਆਉਣ ਵਾਲੇ ਦਿਨਾਂ ਦੀ ਰਣਨੀਤੀ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇ ਅਤੇ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਕਾਂਗਰਸ ਪਾਰਟੀ ਨਾਲ ਜੁੜ ਸਕਣ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ 70 ਨਵੇਂ ਚਿਹਰਿਆਂ ਨੂੰ ਵਿਧਾਨ ਸਭਾ ਚੋਣਾਂ ਵਿਚ ਟਿਕਟਾਂ ਦੇਣ ਬਾਰੇ ਦਿੱਤੇ ਗਏ ਬਿਆਨ ਨਾਲ ਉਹ 100 ਫ਼ੀਸਦੀ ਸਹਿਮਤ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਹਲਕਾ ਤਲਵੰਡੀ ਸਾਬੋ ਵਿਚ ਵਿਧਾਨ ਸਭਾ ਦੀ ਟਿਕਟ ਉਸੇ ਉਮੀਦਵਾਰ ਨੂੰ ਦਿੱਤੀ ਜਾਣੀ ਚਾਹੀਦੀ ਹੈ ਜੋ ਲੋਕਲ ਹੋਵੇ ਅਤੇ ਲੰਮੇ ਸਮੇਂ ਤੋਂ ਪਾਰਟੀ ਲਈ ਦਿਨ-ਰਾਤ ਇੱਕ ਕਰ ਕੇ ਮਿਹਨਤ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵੱਲੋਂ ਵੀ ਪੂਰਾ ਭਰੋਸਾ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ ਗਈ ਹੈ ਕਿ ਹਲਕੇ ਵਿਚ ਨਿਰੰਤਰ ਮਿਹਨਤ ਕੀਤੀ ਜਾਵੇ ਅਤੇ ਪਾਰਟੀ ਵੱਲੋਂ ਉਸ ਮਿਹਨਤ ਦਾ ਯੋਗ ਮੁੱਲ ਜ਼ਰੂਰ ਪਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰ ਕਿਸੇ ਵੀ ਬਾਹਰੀ ਉਮੀਦਵਾਰ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕ ਤਲਵੰਡੀ ਸਾਬੋ ਹਲਕੇ ਨੂੰ ਪੂਰੀ ਤਰ੍ਹਾਂ ਲੋਕਲ ਲੀਡਰ ਨਹੀਂ ਮਿਲਿਆ, ਪਰ ਇਸ ਵਾਰ ਹਲਕੇ ਦੇ ਲੋਕਾਂ ਵਿਚ ਇਕ ਲੋਕਲ ਆਗੂ ਤੋਂ ਵੱਡੀਆਂ ਉਮੀਦਾਂ ਜਾਗੀਆਂ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਅੰਦਰ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਆਮ ਲੋਕਾਂ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਵੱਲੋਂ ਤਿਆਰ ਕੀਤੀਆਂ ਗਈਆਂ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਬੇਅੰਤ ਸਿੰਘ ਬੰਗੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਅਤੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੁਮਾਰ ਰਾਮਾ ਆਦਿ ਹਾਜ਼ਰ ਸਨ।