ਅਮਰਦੀਪ ਸਿੰਘ ਰਾਜਨ ਨੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਅਮਰਦੀਪ ਸਿੰਘ ਰਾਜਨ ਨੇ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Publish Date: Fri, 09 Jan 2026 08:04 PM (IST)
Updated Date: Fri, 09 Jan 2026 08:06 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਅਮਰਦੀਪ ਸਿੰਘ ਰਾਜਨ ਨੇ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਬਠਿੰਡਾ ਦੇ ਚੇਅਰਮੈਨ ਵਜੋਂ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਦੀ ਪ੍ਰਕਿਰਿਆ ਬੈਂਕ ਦੇ ਮੁੱਖ ਦਫ਼ਤਰ ਬਠਿੰਡਾ ਵਿਖੇ ਸਾਦੇ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ, ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਵਿਧਾਇਕ ਜਗਰੂਪ ਸਿੰਘ ਗਿੱਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਦੀਪ ਸਿੰਘ ਪਥਰਾਲਾ ਸਮੇਤ ਕਈ ਹੋਰ ਰਾਜਨੀਤਿਕ, ਸਮਾਜਿਕ ਆਗੂ, ਬੈਂਕ ਦੇ ਡਾਇਰੈਕਟਰ, ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਅਮਰਜੀਤ ਸਿੰਘ ਮਹਿਤਾ ਅਤੇ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਅਮਰਦੀਪ ਸਿੰਘ ਰਾਜਨ ਦੀ ਨਿਯੁਕਤੀ ਉਨ੍ਹਾਂ ਦੀ ਨਿਸ਼ਠਾਵਾਨ ਸੇਵਾ, ਪ੍ਰਸ਼ਾਸ਼ਕੀ ਸਮਰੱਥਾ ਅਤੇ ਜਨਤਕ ਜੀਵਨ ਪ੍ਰਤੀ ਵਚਨਬੱਧਤਾ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਰਾਜਨ ਦੀ ਅਗਵਾਈ ਹੇਠ ਬੈਂਕ ਨਵੀਆਂ ਤਰੱਕੀਆਂ ਦੀਆਂ ਉਚਾਈਆਂ ਛੂਹੇਗਾ। ਅਹੁਦਾ ਸੰਭਾਲਣ ਉਪਰੰਤ ਅਮਰਦੀਪ ਸਿੰਘ ਰਾਜਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਅਮਨ ਅਰੋੜਾ, ਬੈਂਕ ਦੇ ਡਾਇਰੈਕਟਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕ ਕਿਸਾਨਾਂ ਅਤੇ ਪਿੰਡਾਂ ਦੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਬੈਂਕ ਦੇ ਕੰਮਕਾਜ ਵਿਚ ਪਾਰਦਰਸ਼ਤਾ, ਵਿੱਤੀ ਅਨੁਸ਼ਾਸਨ ਅਤੇ ਆਧੁਨਿਕ ਤਕਨਾਲੋਜੀ ਅਧਾਰਿਤ ਸੇਵਾਵਾਂ ਨੂੰ ਪਹਿਲ ਦਿੱਤੀ ਜਾਵੇਗੀ। ਬੈਂਕ ਦੇ ਮੈਨੇਜਿੰਗ ਡਾਇਰੈਕਟਰ ਭਾਸਕਰ ਕਟਾਰੀਆ ਅਤੇ ਜ਼ਿਲ੍ਹਾ ਮੈਨੇਜਰ ਜਤਿੰਦਰ ਸਿੰਘ ਗਿੱਲ ਨੇ ਨਵ ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੈਂਕ ਵਿਕਾਸ ਅਤੇ ਭਰੋਸੇਯੋਗਤਾ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ।