ਡੀਸੀ ਦਫ਼ਤਰ ਸਾਹਮਣੇ ਧਰਨਾ 16 ਨੂੰ
ਡੀਸੀ ਦਫਤਰ ਬਠਿੰਡਾ ਦੇ ਸਾਹਮਣੇ ਧਰਨਾ 16 ਜਨਵਰੀ ਨੂੰ
Publish Date: Sun, 11 Jan 2026 04:52 PM (IST)
Updated Date: Mon, 12 Jan 2026 04:06 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬ ਜਾਗਰਣ, ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਪੰਜਾਬ, ਗ੍ਰਾਮੀਣ ਤੇ ਖੇਤੀ ਮਜ਼ਦੂਰ ਮੋਰਚਾ, ਪੰਜਾਬ ਮੁਲਾਜ਼ਮ ਮੋਰਚਾ ਅਤੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਸਾਂਝੇ ਫੈਸਲੇ ਦੇ ਤਹਿਤ ਟੀਚਰਜ਼ ਹੋਮ ਬਠਿੰਡਾ ਵਿਚ ਕਿਸਾਨ, ਮਜ਼ਦੂਰ, ਕਰਮਚਾਰੀ ਤੇ ਵਿਦਿਆਰਥੀ ਸੰਗਠਨਾਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕੀਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵਿਨਰ ਸਵਰਨ ਸਿੰਘ ਪੂਹਲੀ ਨੇ ਕੀਤੀ। ਮੀਟਿੰਗ ’ਚ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਪੱਧਰ ਦੇ ਫੈਸਲੇ ਦੇ ਮੁਤਾਬਕ 16 ਜਨਵਰੀ ਨੂੰ ਡੀਸੀ ਦਫਤਰ ਬਠਿੰਡਾ ਦੇ ਸਾਹਮਣੇ ਵੱਡਾ ਧਰਨਾ ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਕੇਂਦਰ ਸਰਕਾਰ ਲਗਾਤਾਰ ਜਨਵਿਰੋਧੀ ਫੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜ਼ਿੰਦਗੀ ‘ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2025, ਬੀਜ ਬਿੱਲ 2025, ਪੁਰਾਣੇ ਮਨਰੇਗਾ ਕਾਨੂੰਨ ਦੀ ਥਾਂ ਨਵਾਂ ਮਜ਼ਦੂਰ ਵਿਰੋਧੀ ਕਾਨੂੰਨ, ਚਾਰ ਸ਼੍ਰਮ ਕੋਡ, ਮੁਕਤ ਵਪਾਰ ਸਮਝੌਤੇ ਤੇ ਨਿੱਜੀਕਰਨ ਦੀਆਂ ਨੀਤੀਆਂ ਰਾਹੀਂ ਸਰਕਾਰੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਤੇ ਦੇਸ਼ ਦੀ ਸੰਪਤੀ ਕਾਰਪੋਰੇਟ ਘਰਾਣਿਆਂ ਨੂੰ ਸੌਂਪੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਮਹਿੰਗਾਈ ਵਧੇਗੀ, ਰੁਜ਼ਗਾਰ ਘਟੇਗਾ ਤੇ ਕਿਸਾਨ-ਮਜ਼ਦੂਰਾਂ ਦੀ ਹਾਲਤ ਹੋਰ ਖ਼ਰਾਬ ਹੋਵੇਗੀ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਸਾਰੇ ਤਾਨਾਸ਼ਾਹੀ ਫੈਸਲੇ ਵਾਪਸ ਲਏ ਜਾਣ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਵਿਦਿਆਰਥੀਆਂ ਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ 16 ਜਨਵਰੀ ਨੂੰ ਸਵੇਰੇ 11 ਵਜੇ ਡੀਸੀ ਦਫਤਰ ਬਠਿੰਡਾ ਦੇ ਸਾਹਮਣੇ ਧਰਨੇ ਵਿਚ ਸ਼ਾਮਲ ਹੋਣ।