- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਹੜੀ ਤੇ ਮਾਘੀ ਨੂੰ ਲੈ ਕੇ ਬਠਿੰਡਾ ਪੁਲਿਸ ਅਲਰਟ, ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਗਸ਼ਤ ਵਧਾਈ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
ਲੋਹੜੀ ਅਤੇ ਮਾਘੀ ਦੇ ਤਿਉਹਾਰਾਂ ਨੂੰ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਲਈ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ਵਿਚ ਨਜ਼ਰ ਆ ਰਹੀ ਹੈ। ਤਿਉਹਾਰਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਰੋਕਣ ਅਤੇ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਗਸ਼ਤ ਵਿਚ ਵੀ ਖਾਸਾ ਵਾਧਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਮੁੱਖ ਚੌਕਾਂ, ਮਾਰਕੀਟਾਂ, ਭੀੜਭਾੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਖਾਸ ਤੌਰ ’ਤੇ ਰਾਤ ਦੇ ਸਮੇਂ ਗਸ਼ਤ ਵਧਾਈ ਗਈ ਹੈ ਤਾਂ ਜੋ ਲੋਹੜੀ ਦੀਆਂ ਅੱਗਾਂ, ਸਮੂਹਿਕ ਸਮਾਗਮਾਂ ਅਤੇ ਮਾਘੀ ਮੌਕੇ ਹੋਣ ਵਾਲੀਆਂ ਇਕੱਠਾਂ ਦੌਰਾਨ ਕੋਈ ਅਸਮਾਜਿਕ ਤੱਤ ਸ਼ਾਂਤੀ ਭੰਗ ਨਾ ਕਰ ਸਕਣ। ਬਠਿੰਡਾ ਪੁਲਿਸ ਵੱਲੋਂ ਸ਼ਹਿਰ ਵਿਚ ਦਾਖ਼ਲ ਹੋਣ ਤੇ ਬਾਹਰ ਜਾਣ ਵਾਲੇ ਮੁੱਖ ਰਸਤਿਆਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਕਰਮਚਾਰੀ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਜਾਂਚ ਕਰ ਰਹੇ ਹਨ, ਜਦਕਿ ਬਿਨਾਂ ਨੰਬਰ ਪਲੇਟ, ਤਿੰਨ ਸਵਾਰੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਲੋਹੜੀ ਤਿਉਹਾਰ ਮਨਾਏ ਜਾਣ ਦੌਰਾਨ ਅੱਗ ਤੋਂ ਬਚਾਅ ਲਈ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਅੱਗ ਸਿਰਫ਼ ਖੁੱਲ੍ਹੀਆਂ ਥਾਵਾਂ ’ਤੇ ਹੀ ਜਲਾਈ ਜਾਵੇ ਅਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਰਿਹਾਇਸ਼ੀ ਇਮਾਰਤ, ਵਾਹਨ ਜਾਂ ਬਿਜਲੀ ਦੀਆਂ ਤਾਰਾਂ ਨੂੰ ਨੁਕਸਾਨ ਨਾ ਪਹੁੰਚੇ। ਬੱਚਿਆਂ ਨੂੰ ਅੱਗ ਦੇ ਨੇੜੇ ਨਾ ਛੱਡਣ ਅਤੇ ਅਣਚਾਹੇ ਹਾਦਸਿਆਂ ਤੋਂ ਬਚਾਅ ਲਈ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ। ਬਠਿੰਡਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਥਾਣੇ ਨੂੰ ਆਪਣੇ ਖੇਤਰ ਵਿਚ ਵੱਖਰੀ ਯੋਜਨਾ ਤਹਿਤ ਡਿਊਟੀਆਂ ਸੌਂਪੀ ਗਈਆਂ ਹਨ। ਸਾਦੇ ਕੱਪੜਿਆਂ ਵਿਚ ਪੁਲਿਸ ਮੁਲਾਜ਼ਮ ਵੀ ਮਾਰਕੀਟਾਂ ਤੇ ਸਮਾਗਮ ਵਾਲੀਆਂ ਥਾਵਾਂ ’ਤੇ ਤਾਇਨਾਤ ਕੀਤੇ ਗਏ ਹਨ, ਤਾਂ ਜੋ ਜੇਬਕਤਰਿਆਂ ਅਤੇ ਅਸਮਾਜਿਕ ਅਨਸਰਾਂ ’ਤੇ ਨਿਗਰਾਨੀ ਰੱਖੀ ਜਾ ਸਕੇ। ਇਸ ਤੋਂ ਇਲਾਵਾ ਡਾਇਲ 112 ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਵੀ ਪੂਰੀ ਤਰ੍ਹਾਂ ਤਿਆਰ ਰੱਖਿਆ ਗਿਆ ਹੈ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਤਿਉਹਾਰ ਆਪਸੀ ਸਾਂਝ ਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਤੁਹਾਡੀ ਸੁਰੱਖਿਆ ਲਈ 24 ਘੰਟੇ ਤਾਇਨਾਤ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਜਨਤਾ ਪੁਲਿਸ ਦਾ ਸਹਿਯੋਗ ਕਰੇਗੀ ਤਾਂ ਲੋਹੜੀ ਅਤੇ ਮਾਘੀ ਦੇ ਤਿਉਹਾਰ ਬਿਨਾਂ ਕਿਸੇ ਘਟਨਾ ਦੇ ਸੁਚੱਜੇ ਢੰਗ ਨਾਲ ਮੁਕੰਮਲ ਹੋਣਗੇ।