ਡਾ. ਬੈਂਸ ਨੇ ਐੱਸਐੱਸਪੀ ਬਠਿੰਡਾ ਵਜੋਂ ਸੰਭਾਲਿਆ ਅਹੁਦਾ
ਡਾ. ਜਯੋਤੀ ਯਾਦਵ ਬੈਂਸ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਅਹੁਦਾ
Publish Date: Mon, 12 Jan 2026 06:48 PM (IST)
Updated Date: Tue, 13 Jan 2026 04:09 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : 2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਐਸਐਸਪੀ ਬਠਿੰਡਾ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਡਾ. ਜਯੋਤੀ ਯਾਦਵ ਬੈਂਸ ਐਸਐਸਪੀ ਖੰਨਾ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਇਸ ਮੌਕੇ ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਗੈਰ-ਕਾਨੂੰਨੀ ਗਤਿਵਿਧੀਆਂ ਵਿਚ ਸ਼ਾਮਲ ਤੱਤਾਂ ਦੇ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਖੁਫੀਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕ ਪੁਲਿਸ ਦੇ ਭਰੋਸੇਮੰਦ ਸਾਥੀ ਹਨ ਤੇ ਨਸ਼ੇ ਜਾਂ ਅਪਰਾਧ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝਾ ਕੀਤਾ ਜਾਵੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਰੋਸਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।