ਕਿਸਾਨ ਆਗੂਆਂ ਦੀ ਰਿਹਾਈ ਸਬੰਧੀ ਕੱਢਿਆ ਰੋਸ ਮਾਰਚ
ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਰੋਸ ਮਾਰਚ ਕੱਢਿਆ
Publish Date: Mon, 12 Jan 2026 06:49 PM (IST)
Updated Date: Tue, 13 Jan 2026 04:09 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਆਪਣੀ ਜ਼ਮੀਨ ਦੀ ਰੱਖਿਆ ਅਤੇ ਭ੍ਰਿਸ਼ਟਾਚਾਰ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਸਗਨੀ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਡੀਸੀ ਦਫ਼ਤਰ ਬਠਿੰਡਾ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਦੋਵੇਂ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਸਗਨੀ ਨੇ ਕਿਸਾਨਾਂ ਦੇ ਹੱਕਾਂ ਅਤੇ ਜ਼ਮੀਨ ਬਚਾਉਣ ਲਈ ਆਵਾਜ਼ ਚੁੱਕੀ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰਕੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੇਲ੍ਹ ਵਿਚ ਬੰਦ ਰਹਿੰਦਿਆਂ ਸਗਨਦੀਪ ਸਿੰਘ ਦੀ ਮਾਤਾ ਗੰਭੀਰ ਤੌਰ ’ਤੇ ਬਿਮਾਰ ਸਨ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਇੰਨਾ ਹੀ ਨਹੀਂ, ਮਾਤਾ ਦੇ ਦੇਹਾਂਤ ਤੋਂ ਬਾਅਦ ਅੰਤਿਮ ਸੰਸਕਾਰ ਤੋਂ ਲੈ ਕੇ ਭੋਗ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਲਈ ਵੀ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਭੇਜਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਨਾ ਸਿਰਫ਼ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਸਗੋਂ ਕਿਸਾਨਾਂ ਦੀ ਆਵਾਜ਼ ਨੂੰ ਕੁਚਲਣ ਦੀ ਕੋਸ਼ਿਸ਼ ਵੀ ਹੈ। ਧਰਨੇ ਦੌਰਾਨ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਦੋਵੇਂ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦੁਪਹਿਰੇ ਕਰੀਬ ਤਿੰਨ ਵਜੇ ਧਰਨਾ ਵਾਲੀ ਥਾਂ ਤੋਂ ਕਿਸਾਨਾਂ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ। ਰੋਸ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਹੱਥਾਂ ਵਿਚ ਝੰਡੇ ਅਤੇ ਤਖਤੀਆਂ ਫੜ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇ ਲਗਾਉਂਦੇ ਨਜ਼ਰ ਆਏ। ਇਸ ਮੌਕੇ ਰਾਜ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਦੋਵੇਂ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਧਰਨੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਆਗੂ ਅਤੇ ਕਾਰਕੁਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ।