ਪਾਬੰਦੀਸ਼ੁਦਾ ਪਦਾਰਥਾਂ ਸਣੇ 9 ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ
Publish Date: Fri, 16 Jan 2026 04:31 PM (IST)
Updated Date: Sat, 17 Jan 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਦਿਆਂ 9 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 105.95 ਗ੍ਰਾਮ ਹੈਰੋਇਨ, 75 ਪਾਬੰਦੀਸ਼ੁਦਾ ਕੈਪਸੂਲ ਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੇ ਸਲਿਪ ਰੋਡ ਨੇੜੇ ਕੈਂਟ ਰਿੰਗ ਰੋਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਅੰਸ਼ੂ ਕੁਮਾਰ ਵਾਸੀ ਅਜੀਤ ਰੋਡ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਦਾਣਾ ਮੰਡੀ ਵਿਚ ਸ਼ੱਕੀ ਹਾਲਾਤਾਂ ਅੰਦਰ ਘੁੰਮ ਰਹੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3. 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਕੋਠੇ ਇੰਦਰ ਸਿੰਘ ਵਾਲਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਨਥਾਣਾ ਦੀ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ ਗੁਰਪ੍ਰੇਮ ਸਿੰਘ ਵਾਸੀ ਪਿੰਡ ਬਹਿਮਣ ਜੱਸਾ ਸਿੰਘ ਵਾਲਾ ਵਜੋਂ ਹੋਈ ਹੈ। ਥਾਣਾ ਨਥਾਣਾ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁਲਜਮ ਨੂੰ ਪਿੰਡ ਪੂਹਲੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਦਿਆਲਪੁਰਾ ਭਾਈ ਕਾ ਵਿਚ ਛਾਪੇਮਾਰੀ ਕਰਦਿਆਂ ਆਕਾਸ਼ਦੀਪ ਸਿੰਘ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਸ਼ਿੰਦਾ ਸਿੰਘ ਅਤੇ ਸਤਨਾਮ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਰਤੇਜ ਸਿੰਘ ਵਾਸੀ ਬਾਲਿਆਂਵਾਲੀ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਪਿੰਡ ਬਾਘਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮਤੀ ਸਿੰਘ ਵਾਸੀ ਪਿੰਡ ਬਾਘਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ’ਚ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਬੰਬੀਹਾ ਵਿਚ ਛਾਪੇਮਾਰੀ ਕਰਦਿਆਂ ਚਰਨਜੀਤ ਸਿੰਘ ਨੂੰ 6.20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।