ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡੀਸੀ ਨੇ ਲਿਆ ਜਾਇਜ਼ਾ
ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
Publish Date: Fri, 16 Jan 2026 06:10 PM (IST)
Updated Date: Sat, 17 Jan 2026 04:10 AM (IST)
-ਕਿਹਾ, ਜਸ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਪੂਰੀ ਤਰ੍ਹਾਂ ਚੌਕਸ ਹਨ। ਇਸ ਸੰਦਰਭ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐਸਐਸਪੀ ਡਾ. ਜੋਤੀ ਯਾਦਵ ਦੇ ਨਾਲ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ, ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਨਿਰੀਖਣ ਦੌਰਾਨ ਅਧਿਕਾਰੀਆਂ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਟੇਡੀਅਮ ਵਿਚ ਆਉਣ-ਜਾਣ ਦੇ ਰਸਤਿਆਂ, ਦਰਸ਼ਕ ਗੈਲਰੀਆਂ, ਸਟੇਜ ਪ੍ਰਬੰਧਾਂ, ਪਾਰਕਿੰਗ, ਟ੍ਰੈਫਿਕ ਕੰਟਰੋਲ, ਬੈਰੀਕੇਡਿੰਗ ਅਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਉਪਰੰਤ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਕਾਰਜ ਯੋਜਨਾ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਸ਼ਨ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਐਸਐਸਪੀ ਡਾ. ਜੋਤੀ ਯਾਦਵ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ’ਤੇ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ। ਉਕਤ ਸਥਾਨ ਦੇ ਆਲੇ-ਦੁਆਲੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ, ਜਦੋਂਕਿ ਸੰਵੇਦਨਸ਼ੀਲ ਖੇਤਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕਰਨ ਲਈ ਸਾਦੇ ਕੱਪੜਿਆਂ ਵਿੱਚ ਪੁਲਿਸ ਕਰਮਚਾਰੀ ਵੀ ਤਾਇਨਾਤ ਕੀਤੇ ਜਾਣਗੇ। ਨਿਰੀਖਣ ਦੌਰਾਨ ਫਾਇਰ ਬ੍ਰਿਗੇਡ, ਸਿਹਤ ਵਿਭਾਗ, ਟ੍ਰੈਫਿਕ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਐਮਰਜੈਂਸੀ ਮੈਡੀਕਲ ਸੇਵਾਵਾਂ, ਐਂਬੂਲੈਂਸਾਂ ਅਤੇ ਫਾਇਰ ਬਿਗ੍ਰੇਡ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ। ਜ਼ਿਲ੍ਹਾ ਪ੍ਰਸ਼ਾਸਨ ਅਤੇ ਬਠਿੰਡਾ ਪੁਲਿਸ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਮਨਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਜਨਤਾ ਇਸ ਰਾਸ਼ਟਰੀ ਤਿਉਹਾਰ ਨੂੰ ਬਿਨਾਂ ਕਿਸੇ ਵੀ ਅਸੁਵਿਧਾ ਦੇ ਮਨਾ ਸਕੇ।