ਨਸ਼ਾ ਤਸਕਰੀ ਦੇ ਦੋਸ਼ ’ਚ 8 ਮੁਲਜ਼ਮ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 8 ਮੁਲਜ਼ਮ ਗ੍ਰਿਫ਼ਤਾਰ
Publish Date: Sun, 18 Jan 2026 04:38 PM (IST)
Updated Date: Mon, 19 Jan 2026 04:03 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੱਤ ਵੱਖ-ਵੱਖ ਮਾਮਲਿਆਂ ’ਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 2 ਕਿੱਲੋ 831 ਗ੍ਰਾਮ ਗਾਂਜਾ, 42 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਕੋਤਵਾਲੀ ਪੁਲਿਸ ਦੇ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸਰਹਿੰਦ ਨਹਿਰ ਦੀ ਪਟੜੀ ਕੋਲ ਸ਼ੱਕੀ ਹਾਲਤ ’ਚ ਘੁੰਮ ਰਹੇ ਦਾਰਾ ਸਿੰਘ ਵਾਸੀ ਅਰਜੁਨ ਨਗਰ ਬਠਿੰਡਾ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 1 ਕਿੱਲੋ 500 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਸਿਵਲ ਲਾਈਨ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ 80 ਫੁੱਟੀ ਰੋਡ, ਨਾਰਥ ਐਸਟੇਟ ਦੇ ਨੇੜੇ ਤੋਂ ਕਾਕਾ ਸਿੰਘ ਵਾਸੀ ਚੰਦਸਰ ਬਸਤੀ, ਬਠਿੰਡਾ ਨੂੰ 1 ਕਿੱਲੋ 331 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਗਿਆ। ਥਾਣਾ ਕੈਨਾਲ ਕਲੋਨੀ ਪੁਲਿਸ ਦੇ ਹੌਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੰਜੇ ਨਗਰ ਇਲਾਕੇ ਤੋਂ ਰਹਿਮਤ ਪ੍ਰਵੀਣ ਵਾਸੀ ਬਲਰਾਜ ਨਗਰ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੂਲ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਵਿਸ਼ਨੂ ਦਾਸ ਨੇ ਦੱਸਿਆ ਕਿ ਪਿੰਡ ਭਾਈਰੂਪਾ ਦੇ ਰਹਿਣ ਵਾਲੇ ਅਵਤਾਰ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੂੰ ਬਾਅਦ ਵਿਚ ਜਮਾਨਤ ‘ਤੇ ਰਿਹਾਅ ਕਰ ਦਿੱਤਾ। ਥਾਣਾ ਸਿਟੀ ਰਾਮਪੁਰਾ ਦੇ ਹੌਲਦਾਰ ਬੂਟਾ ਸਿੰਘ ਨੇ ਦੱਸਿਆ ਕਿ ਮੰਡੀ ਰਾਮਪੁਰਾ ਦੇ ਰਹਿਣ ਵਾਲੇ ਦੀਪਕ ਕੁਮਾਰ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੰਗਤ ਕਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਅਤੇ ਹਰਿੰਦਰ ਸਿੰਘ ਨੂੰ ਨਰਸਿੰਘ ਕਲੋਨੀ ਦੇ ਨੇੜੇ ਤੋਂ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਅਮਰਿਕ ਸਿੰਘ ਨੇ ਦੱਸਿਆ ਕਿ ਪਿੰਡ ਚਾਉਂਕੇ ਦੇ ਰਹਿਣ ਵਾਲੇ ਨਿਰਭੈ ਸਿੰਘ ਨੂੰ ਉਸਦੇ ਪਿੰਡ ਤੋਂ ਹੀ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਵੱਲੋਂ ਸਾਰੇ ਮਾਮਲਿਆਂ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।