ਹੈਰੋਇਨ, ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਣੇ 8 ਕਾਬੂ
ਹੈਰੋਇਨ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 8 ਗ੍ਰਿਫ਼ਤਾਰ
Publish Date: Mon, 19 Jan 2026 04:29 PM (IST)
Updated Date: Tue, 20 Jan 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਪੁਲਿਸ ਨੇ ਸੰਜੈ ਨਗਰ ਬਠਿੰਡਾ ਤੋਂ ਮੁਲਜ਼ਮ ਸ਼ਿਵਾ ਨੂੰ 150 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਸਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਮੌੜ ਦੀ ਪੁਲਿਸ ਨੇ ਹਰਸਿਮਰਨਜੀਤ ਵਾਸੀ ਪਿੰਡ ਘੁੰਮਣ ਕਲਾਂ ਨੂੰ ਪਿੰਡ ਘੁੰਮਣ ਕਲਾਂ ਤੋਂ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਰਾਮਾਂ ਦੀ ਪੁਲਿਸ ਨੇ ਪਿੰਡ ਨਸੀਬਪੁਰਾ ਵਾਸੀ ਜਗਦੀਪ ਸਿੰਘ ਨੂੰ ਰਾਮਾਂ ਮੰਡੀ ਖੇਤਰ ਤੋਂ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਸੰਗਤ ਕਲਾਂ ਵਾਸੀ ਹਸਨਦੀਪ ਸਿੰਘ ਅਤੇ ਜਗਸੀਰ ਸਿੰਘ ਨੂੰ ਸੰਗਤ ਕਲਾਂ ਨੇੜੇ ਤੋਂ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਦਾਣਾ ਮੰਡੀ ਮਲੂਕਾ ਨੇੜੇ ਬਿਨਾਂ ਨੰਬਰ ਪਲੇਟ ਵਾਲੀ ਮੋਟਰਸਾਈਕਲ ’ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5000 ਪਾਬੰਦੀਸ਼ੁਦਾ ਗੋਲੀਆਂ ਅਤੇ 500 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਲਾਭਦੀਪ ਸਿੰਘ ਵਾਸੀ ਮਲੂਕਾ, ਤਪਿੰਦਰ ਕੁਮਾਰ ਵਾਸੀ ਪਰਸਰਾਮ ਨਗਰ, ਬਠਿੰਡਾ ਅਤੇ ਹੈਪੀ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਇਸ ਮਾਮਲੇ ਵਿਚ ਹੈਪੀ ਕੁਮਾਰ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ, ਜਦਕਿ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਜੇਠੂਕੇ ਵਾਸੀ ਅਜੈ ਸਿੰਘ ਨੂੰ ਪਿੰਡ ਜੇਠੂਕੇ ਤੋਂ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ, ਪ੍ਰੰਤੂ ਬਾਅਦ ’ਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਉਕਤ ਸਾਰੇ ਮਾਮਲਿਆਂ ’ਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।