ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 183 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ
Publish Date: Mon, 19 Jan 2026 05:13 PM (IST)
Updated Date: Tue, 20 Jan 2026 04:07 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪੰਜਵੀਂ ਪਾਤਸ਼ਾਹੀ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਸਬੰਧਤ ਗੁਰਦੁਆਰਾ ਭਾਈ ਬੀਰ ਸਿੰਘ, ਭਾਈ ਧੀਰ ਸਿੰਘ ਵਿਖੇ ਅੱਜ ਮੱਸਿਆ ਦੇ ਪਾਵਨ ਦਿਹਾੜੇ ਅਤੇ ਹਫ਼ਤਾਵਾਰੀ ਗੁਰਮਤਿ ਸਮਾਗਮ ਦੇ ਮੌਕੇ ’ਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਹੈਡ ਗ੍ਰੰਥੀ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਜਥਾ, ਭਾਈ ਜਸਪ੍ਰੀਤ ਸਿੰਘ ਰੋੜਾਂਵਾਲੀ ਅਤੇ ਪ੍ਰਚਾਰਕ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਵੱਲੋਂ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰ ਅਤੇ ਗੁਰ ਇਤਿਹਾਸ ਦੀ ਸੁੰਦਰ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਪਾਵਨ ਸਮੇਂ ਦੌਰਾਨ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਆਈਆਂ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਗਿਆ, ਜਿਸ ’ਚ 183 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕਰਕੇ ਗੁਰੂਘਰ ਦੀ ਮਰਿਆਦਾ ਅਨੁਸਾਰ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਧਨੌਲਾ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖ ਕੇ ਸਨਮਾਨਿਤ ਕੀਤਾ ਗਿਆ ਅਤੇ ਅੰਮ੍ਰਿਤ ਛਕਣ ਵਾਲੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਾਲੇ ਪ੍ਰਾਣੀਆਂ ਨੂੰ ਗੁਰਸਿੱਖੀ ਜੀਵਨ ਅਪਣਾਉਣ ਲਈ ਵਧਾਈ ਦਿੱਤੀ ਗਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਤੇ ਸਭ-ਆਫਿਸ ਧਰਮ ਪ੍ਰਚਾਰ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲ ਵੀ ਹਾਜ਼ਰ ਰਹੇ।