ਸਰਕਾਰ ਦੀ ਭਰੋਸੇਯੋਗਤਾ ਖ਼ਤਮ, ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਲੋਕ : ਜੱਗਾ ਕਲਿਆਣ
ਆਪ ਸਰਕਾਰ ਦੀ ਭਰੋਸੇਯੋਗਤਾ ਹੋਈ ਖਤਮ, ਲੋਕ ਠੱਗਿਆ ਮਹਿਸੂਸ ਕਰਨ ਲੱਗੇ: ਜੱਗਾ ਕਲਿਆਣ
Publish Date: Tue, 20 Jan 2026 05:02 PM (IST)
Updated Date: Wed, 21 Jan 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਕੀਕਤ ਇਸ ਦੇ ਉਲਟ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਕਲਿਆਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮਸਲੇ ’ਤੇ ਯੂਟਰਨ ਮਾਰ ਰਹੀ ਹੈ, ਜਿਸ ਕਾਰਨ ਸਰਕਾਰ ਦੀ ਭਰੋਸੇਯੋਗਤਾ ਖਤਮ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਦੇ ਬਿਜਲੀ, ਕਦੇ ਰੁਜ਼ਗਾਰ, ਕਦੇ ਕਿਸਾਨੀ ਮਸਲੇ ਤੇ ਕਦੇ ਕਾਨੂੰਨ-ਵਿਵਸਥਾ ਬਾਰੇ ਸਰਕਾਰ ਆਪਣੇ ਹੀ ਫੈਸਲਿਆਂ ਤੋਂ ਪਿੱਛੇ ਹਟ ਰਹੀ ਹੈ। ਇਸ ਨਾਲ ਸੂਬੇ ਦੇ ਲੋਕਾਂ ਵਿੱਚ ਭਾਰੀ ਨਿਰਾਸ਼ਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ, ਕਿਸਾਨਾਂ ਨੂੰ ਪੂਰੀਆਂ ਗਾਰੰਟੀਆਂ ਅਤੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਨੌਜਵਾਨ ਰੁਜ਼ਗਾਰ ਲਈ ਦਰ-ਦਰ ਭਟਕ ਰਹੇ ਹਨ ਅਤੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹਨ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਅਪਰਾਧ ਦੇ ਮਾਮਲੇ ਵਧ ਰਹੇ ਹਨ ਤੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਡਰਾਮੇਬਾਜੀ ਤਕ ਸੀਮਿਤ ਰਹਿ ਗਈ ਹੈ ਅਤੇ ਜ਼ਮੀਨੀ ਪੱਧਰ ’ਤੇ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਜਾ ਰਹੇ। ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਜੋ ਭਰੋਸਾ ਕੀਤਾ ਸੀ, ਉਹ ਅੱਜ ਟੁੱਟ ਚੁੱਕਾ ਹੈ। ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਵਿੱਚ ਸਪੱਸ਼ਟਤਾ ਦੀ ਘਾਟ ਹੈ, ਜਿਸ ਕਾਰਨ ਲੋਕਾਂ ਵਿੱਚ ਅਸਮੰਜਸ ਬਣਿਆ ਹੋਇਆ ਹੈ। ਅੰਤ ’ਚ ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣਦਾ ਆਇਆ ਹੈ ਅਤੇ ਅੱਗੇ ਵੀ ਲੋਕਾਂ ਦੇ ਮਸਲੇ ਉੱਠਾਉਂਦਾ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਨਾਕਾਮੀਆਂ ਦਾ ਜਵਾਬ ਦੇਵੇਗੀ ਅਤੇ ਸੂਬੇ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਂਦਾ ਜਾਵੇਗਾ।