ਮਾਤਾ ਗੁਰਮੇਲ ਕੌਰ ਨੂੰ ਜਨਤਕ ਜਥੇਬੰਦੀਆਂ ਨੇ ਦਿੱਤੀ ਅੰਤਿਮ ਵਿਦਾਈ
ਮਾਤਾ ਗੁਰਮੇਲ ਕੌਰ ਨੂੰ ਜਨਤਕ ਜਥੇਬੰਦੀਆਂ ਦੇ ਝੰਡਿਆਂ ਨਾਲ ਦਿੱਤੀ ਅੰਤਿਮ ਵਿਦਾਈ
Publish Date: Thu, 22 Jan 2026 04:58 PM (IST)
Updated Date: Thu, 22 Jan 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ : ਸਗਨਦੀਪ ਸਿੰਘ ਜਿਉਂਦ ਨੂੰ ਜੇਲ੍ਹ ਤੋਂ ਆਪਣੀ ਮਾਤਾ ਦੀਆਂ ਅੰਤਿਮ ਰਸਮਾਂ ਲਈ ਮਿਲੀ ਅਸਥਾਈ ਜ਼ਮਾਨਤ ਤੋਂ ਬਾਅਦ ਉਨ੍ਹਾਂ ਦੀ ਮਾਤਾ ਗੁਰਮੇਲ ਕੌਰ ਦਾ ਬਾਰ੍ਹਵੇਂ ਦਿਨ ਸੰਸਕਾਰ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਮਰਦਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਮਾਤਾ ਗੁਰਮੇਲ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਝੰਡੇ ਵਿਚ ਲਪੇਟ ਕੇ ਪੂਰੇ ਸਨਮਾਨ ਨਾਲ ਸ਼ਮਸ਼ਾਨਘਾਟ ਤਕ ਲਿਜਾਇਆ ਗਿਆ। ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵੀ ਕਿਸਾਨਾਂ ਨਾਲ ਯੱਕਜੈਤੀ ਜਤਾਉਂਦੇ ਹੋਏ ਮਾਤਾ ਨੂੰ ਆਪਣੀ ਜਥੇਬੰਦੀ ਦਾ ਝੰਡਾ ਪਾ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਆਗੂ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਾਮਰਾਜ ਪੱਖੀ ਨੀਤੀਆਂ ਦੇ ਵਿਰੋਧ ਵਿਚ ਬੋਲਣ ਅਤੇ ਲਿਖਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਪੂਰਾ ਰਾਜ ਪ੍ਰਬੰਧ ਤਤਪਰ ਹੈ।
ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਆਪਣੀ ਜ਼ਮੀਨ ਦੀ ਰਾਖੀ ਲਈ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਬਲਦੇਵ ਸਿੰਘ ਚਾਉਕੇ ਅਤੇ ਸਗਨਪ੍ਰੀਤ ਸਿੰਘ ਜਿਉਂਦ ਪਿਛਲੇ ਪੰਜ ਅਪ੍ਰੈਲ ਤੋਂ ਬਠਿੰਡਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਜੂਨ ਮਹੀਨੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਏ ਸਮਝੌਤੇ ਅਨੁਸਾਰ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਹੈ ਅਤੇ ਨਾ ਹੀ ਬਠਿੰਡਾ ਦੀ ਸੈਸ਼ਨ ਅਦਾਲਤ ਜਾਂ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਪੱਕੀ ਜਮਾਨਤ ਮਿਲੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਦੇਸ਼ ਦੇ ਹੋਰ ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੇ ਵਿਰੁੱਧ ਲੋਕ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਬਣਾਉਣ ਦੀ ਲੋੜ ਹੈ। ਉਨ੍ਹਾਂ ਸਮੂਹ ਕਿਰਤੀ ਵਰਗ ਨੂੰ ਲੋਕ-ਪੱਖੀ ਸੰਘਰਸ਼ਾਂ ਵਿਚ ਦ੍ਰਿੜਤਾ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਮਾਤਾ ਗੁਰਮੇਲ ਕੌਰ ਦੀ ਮ੍ਰਿਤਕ ਦੇਹ ਨਾਲ ਹਸਪਤਾਲ ਵੱਲੋਂ ਕੀਤੀ ਗਈ ਪਰੇਸ਼ਾਨੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਦੋਵੇਂ ਕਿਸਾਨ ਆਗੂਆਂ ਦੀ ਰਿਹਾਈ ਲਈ ਆਉਂਦੇ ਦਿਨਾਂ ਵਿਚ ਬਠਿੰਡਾ ਵਿਖੇ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ, ਜਿਸ ਦੀ ਤਾਰੀਖ ਜਲਦੀ ਐਲਾਨੀ ਜਾਵੇਗੀ। ਇਸ ਮੌਕੇ ਸਮੂਹ ਭਰਾਤਰੀ ਜਥੇਬੰਦੀਆਂ ਅਤੇ ਕਿਰਤੀ ਲੋਕਾਂ ਨੂੰ 23 ਜਨਵਰੀ ਨੂੰ ਹੋਣ ਵਾਲੇ ਭੋਗ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਅੱਜ ਦੇ ਇਕੱਠ ਵਿਚ ਕਿਸਾਨਾਂ ਦੇ ਨਾਲ-ਨਾਲ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ।