ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਪ੍ਰਹਾਰ ਜਾਰੀ, ਅੱਠ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
ਗੈਂਗਸਟਰਾਂ ਖਿਲਾਫ ਅਭਿਆਨ ਪ੍ਰਹਾਰ ਜਾਰੀ, ਅੱਠ ਸ਼ੱਕੀਆਂ ਨੂੰ ਕੀਤਾ ਗ੍ਰਫਤਾਰ
Publish Date: Thu, 22 Jan 2026 05:09 PM (IST)
Updated Date: Thu, 22 Jan 2026 05:12 PM (IST)

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਪ੍ਰਹਾਰ ਜਾਰੀ ਰਹੀ। ਪੁਲਿਸ ਨੇ ਇਸ ਮੁਹਿੰਮ ਤਹਿਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਰਸੇਮ ਸਿੰਘ ਵਾਸੀ ਪਿੰਡ ਮਲੂਕਾ, ਲੱਧੂ ਸਿੰਘ ਵਾਸੀ ਭਗਤਾ ਭਾਈਕਾ ਵਾਰ ਵਾਰ ਜੁਰਮ ਕਰਨ ਦੇ ਆਦੀ ਹਨ। ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਨਸ਼ੇ ਵੇਚਣ ਲੜਾਈ-ਝਗੜੇ ਦੇ ਮੁਕੱਦਮੇ ਦਰਜ ਹਨ। ਪੁਲਿਸ ਕੋਲ ਇਹ ਵੀ ਸੂਚਨਾ ਸੀ ਕਿ ਉਕਤ ਦੋਵੇਂ ਵਿਅਕਤੀ ਜੁਰਮ ਕਰਨ ਦੀ ਤਾਕ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਥਾਣਾ ਭਗਤਾ ਭਾਈਕਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਭਗਤਾ ਭਾਈਕਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤਰ੍ਹਾਂ ਥਾਣਾ ਫੂਲ ਦੀ ਪੁਲਿਸ ਨੇ ਵੀ ਗੁਪਤ ਸੂਚਨਾ ਦੇ ਅਧਾਰ ’ਤੇ ਅਜੇ ਸਿੰਘ ਵਾਸੀ ਪਿੰਡ ਭਾਈ ਰੂਪਾ, ਮਨਦੀਪ ਸਿੰਘ ਵਾਸੀ ਪਿੰਡ ਕਾਲੋਕੇ, ਬੂਟਾ ਸਿੰਘ ਵਾਸੀ ਪਿੰਡ ਹਰਨਾਮ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਉਕਤ ਵਿਅਕਤੀ ਵਾਰ-ਵਾਰ ਜੁਰਮ ਕਰਨ ਦੇ ਆਦੀ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਹੁਣ ਉਹ ਕਿਸੇ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਸਹਾਇਕ ਥਾਣੇਦਾਰ ਮਨਫੂਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਬੱਸ ਅੱਡਾ ਫੂਲ ਤੋਂ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੀ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਨਾਲ ਲੁੱਟ-ਖੋਹ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਗਤਾਰ ਸਿੰਘ ਵਾਸੀ ਦਸ਼ਮੇਸ਼ ਨਗਰ ਰਾਮਪੁਰਾ, ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਮਹੱਲਾ ਰਾਮਪੁਰਾ ਮੰਡੀ ਅਤੇ ਕ੍ਰਿਸ਼ਨ ਵਾਸੀ ਨੇੜੇ ਘੋਲੀਆ ਪਾਰਕਿੰਗ ਰਾਮਪੁਰਾ ਫੂਲ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਨਾਲ ਲੁੱਟ-ਖੋਹ ਕਰਦੇ ਹਨ ਅਤੇ ਗੱਡੀਆਂ ਘੇਰ ਕੇ ਜਬਰੀ ਵਸੂਲੀ ਕਰਦੇ ਹਨ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਤਿੰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।