ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ’ਚ ਫਲੈਗ ਮਾਰਚ ਕੱਢਿਆ
ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ
Publish Date: Thu, 22 Jan 2026 06:07 PM (IST)
Updated Date: Thu, 22 Jan 2026 06:09 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਉਦੇਸ਼ ਨਾਲ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ, ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ, ਪੀਏਪੀ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਜਵਾਨ ਸ਼ਾਮਲ ਹੋਏ। ਫਲੈਗ ਮਾਰਚ ਦਾ ਮੁੱਖ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਸਖ਼ਤ ਸੰਦੇਸ਼ ਦੇਣਾ ਸੀ ਕਿ ਕਾਨੂੰਨ-ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਫਲੈਗ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਭੀੜਭਾੜ ਵਾਲੇ ਖੇਤਰਾਂ ਵਿੱਚੋਂ ਲੰਘਿਆ। ਇਸ ਦੌਰਾਨ ਪੁਲਿਸ ਬਲ ਨੇ ਪੈਦਲ ਮਾਰਚ ਕਰਦਿਆਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਦੁਕਾਨਦਾਰਾਂ, ਸਥਾਨਕ ਨਾਗਰਿਕਾਂ ਅਤੇ ਸਮਾਜਿਕ ਸੰਸਥਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ। ਐੱਸਐੱਸਪੀ ਡਾ. ਯਾਦਵ ਨੇ ਕਿਹਾ ਕਿ ਗਣਤੰਤਰ ਦਿਵਸ ਇਕ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਸਾਰੇ ਮਿਲਜੁਲ ਕੇ ਸ਼ਾਂਤਮਈ ਮਾਹੌਲ ਵਿੱਚ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ। ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਸੀਸੀਟੀਵੀ ਕੈਮਰਿਆਂ ਅਤੇ ਗਸ਼ਤ ਰਾਹੀਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਮ ਦੀ ਸ਼ੱਕੀ ਸਰਗਰਮੀ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਵਿਅਕਤੀ ਜਾਂ ਸਰਗਰਮੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਫਲੈਗ ਮਾਰਚ ਦੌਰਾਨ ਪੁਲਿਸ ਜਵਾਨ ਪੂਰੀ ਤਰ੍ਹਾਂ ਮੁਸ਼ਤੈਦ ਅਤੇ ਅਨੁਸ਼ਾਸਤ ਨਜ਼ਰ ਆਏ। ਸਥਾਨਕ ਲੋਕਾਂ ਵੱਲੋਂ ਪੁਲਿਸ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਦਾ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਗਣਤੰਤਰ ਦਿਵਸ ਮੌਕੇ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਸ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।