ਅਭਿਆਨ ਪ੍ਰਹਾਰ ਤਹਿਤ ਲੁੱਟਾਂ-ਖੋਹਾਂ ਕਰਨ ਵਾਲੇ ਪੰਜ ਕਾਬੂ
ਅਭਿਆਨ ਪ੍ਰਹਾਰ ਤਹਿਤ ਪੰਜ ਵਿਅਕਤੀ ਗ੍ਰਿਫਤਾਰ, ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਦੇ ਹਨ ਆਦੀ
Publish Date: Fri, 23 Jan 2026 05:30 PM (IST)
Updated Date: Sat, 24 Jan 2026 04:07 AM (IST)

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਤੇ ਅਪਰਾਧ ਨੂੰ ਖਤਮ ਕਰਨ ਲਈ ਚਲਾਏ ਗਏ ਅਭਿਆਨ ਪ੍ਰਹਾਰ ਤਹਿਤ ਹੁਣ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ, ਇਕ ਖੰਡਾ ਅਤੇ ਬੇਸਬਾਲ ਬਰਾਮਦ ਕੀਤਾ ਹੈ। ਫੜੇ ਗਏ ਉਕਤ ਵਿਅਕਤੀ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਵਾਰ-ਵਾਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪ੍ਰਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਮੰਡੀ ਰਾਮਪੁਰਾ ਰਾਹਗੀਰਾਂ ਦੀਆਂ ਗੱਡੀਆਂ ਰੋਕ ਕੇ ਭੰਨ ਤੋੜ ਅਤੇ ਉਨ੍ਹਾਂ ਤੋਂ ਜਬਰੀ ਵਸੂਲੀ ਵੀ ਕਰਦੇ ਹਨ। ਪੁਲਿਸ ਕੋਲ ਸੂਚਨਾ ਸੀ ਕਿ ਵਕਤ ਵਿਅਕਤੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ ਅਤੇ ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਜਗਤਾਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜਮਾਂ ਕੋਲੋ ਬਿਨਾਂ ਨੰਬਰ ਹੀ ਮੋਟਰਸਾਈਕਲ, ਲੋਹੇ ਦਾ ਇੱਕ ਖੰਡਾ ਅਤੇ ਬੇਸਵਾਲ ਬਰਾਮਦ ਕੀਤਾ ਹੈ, ਜਿਸ ਸਹਾਰੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਸਨ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਸਿੰਘ, ਜਗਸੀਰ ਸਿੰਘ ਵਾਸੀ ਪਿੰਡ ਜਿਉਂਦ ਅਤੇ ਇੰਦਰਜੀਤ ਸਿੰਘ ਵਾਸੀ ਪਿੰਡ ਚਾਉਕੇ ਮੇਨ ਹਾਈਵੇ ਤੋਂ ਜੈਦ ਪਿੰਡ ਨੂੰ ਜਾਂਦੀ ਲਿੰਕ ਸੜਕ ’ਤੇ ਕਿਸੇ ਰਾਹਗੀਰ ਨੂੰ ਲੁੱਟਣ ਲਈ ਖੜੇ ਹੋਏ ਹਨ। ਇਸ ਤੋਂ ਬਾਅਦ ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।