ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ
ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ
Publish Date: Fri, 23 Jan 2026 06:29 PM (IST)
Updated Date: Sat, 24 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ
ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਚਾਈਨਾ ਡੋਰ ਦੀ ਵਰਤੋਂ ’ਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਸਕੂਲਾਂ ਦੀ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਹੁੰ ਚੁਕਵਾਈ ਗਈ। ਬਠਿੰਡਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਵਿਚ ਵਿਦਿਆਰਥੀਆਂ ਨੇ ਬਸੰਤ ਪੰਚਮੀ ਮੌਕੇ ਚਾਈਨਾ ਡੋਰ ਦੀ ਵਰਤੋਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਬਠਿੰਡਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਇੰਨ-ਬਿੰਨ ਸਕੂਲਾਂ ਵਿਚ ਲਾਗੂ ਕਰਦਿਆਂ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ ਤੇ ਦਿਨੋਂ-ਦਿਨ ਵਾਪਰ ਰਹੀਆਂ ਦੁਖਦਾਈ ਘਟਨਾਵਾਂ ’ਤੇ ਵੀ ਚਾਨਣਾ ਪਾਇਆ। ਚਾਈਨਾ ਡੋਰ ਨਾ ਸਿਰਫ਼ ਮਨੁੱਖੀ ਜਾਨ ਲਈ ਬਹੁਤ ਖ਼ਤਰਨਾਕ ਹੈ, ਸਗੋਂ ਇਹ ਪੰਛੀਆਂ ਅਤੇ ਪਸ਼ੂਆਂ ਲਈ ਵੀ ਘਾਤਕ ਸਾਬਤ ਹੁੰਦੀ ਹੈ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਦੀ ਵਰਤੋਂ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਸਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਪੰਜਾਬ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਤ ਵਿਚ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਚਾਈਨਾ ਡੋਰ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਸਮਾਜ ਵਿਚ ਹੋਰਨਾਂ ਲੋਕਾਂ ਨੂੰ ਵੀ ਇਸਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।