ਸੀਵਰੇਜ ਵਰਕਰ ਯੂਨੀਅਨ ਵੱਲੋਂ ਨਿਗਮ ਦਫ਼ਤਰ ਦੇ ਬਾਹਰ ਰੋਸ ਧਰਨਾ
ਸੀਵਰੇਜ ਵਰਕਰ ਯੂਨੀਅਨ ਵੱਲੋਂ ਨਗਰ ਨਿਗਮ ਦਫ਼ਤਰ ਬਾਹਰ ਰੋਸ ਧਰਨਾ
Publish Date: Tue, 27 Jan 2026 06:22 PM (IST)
Updated Date: Wed, 28 Jan 2026 04:07 AM (IST)

-ਮੰਗਾਂ ਨਾ ਮੰਨਣ ਦੀ ਸੂਰਤ ’ਚ ਮੋਟਰਾਂ ਬੰਦ ਕਰਨ ਦੀ ਚਿਤਾਵਨੀ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਰਗਣ, ਬਠਿੰਡਾ : ਸੀਵਰੇਜ ਵਰਕਰ ਯੂਨੀਅਨ ਬਠਿੰਡਾ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਨਿਗਮ ਬਠਿੰਡਾ ਦੇ ਦਫ਼ਤਰ ਬਾਹਰ ਰੋਸ ਧਰਨਾ ਦਿੱਤਾ। ਇਸ ਮੌਕੇ ਯੂਨੀਅਨ ਆਗੂਆਂ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੀਵਰੇਜ ਮੁਲਾਜ਼ਮਾਂ ਨਾਲ ਸਬੰਧਤ ਕਈ ਅਹਿਮ ਮੰਗਾਂ ਕਾਫ਼ੀ ਸਮੇਂ ਤੋਂ ਲੰਬਿਤ ਪਈਆਂ ਹਨ। ਵਾਰ-ਵਾਰ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਇਨ੍ਹਾਂ ਸਮੱਸਿਆਵਾਂ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ, ਜਿਸ ਕਾਰਨ ਯੂਨੀਅਨ ਨੂੰ ਮਜਬੂਰਨ ਧਰਨੇ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੀ ਆਬਾਦੀ ਲਗਾਤਾਰ ਵੱਧ ਰਹੀ ਹੈ, ਪਰ ਇਸ ਦੇ ਮੁਕਾਬਲੇ ਸੀਵਰੇਜ ਕਰਮਚਾਰੀਆਂ ਦੀ ਗਿਣਤੀ ਬਹੁਤ ਘੱਟ ਹੈ। ਇਸ ਕਾਰਨ ਕਰਮਚਾਰੀਆਂ ’ਤੇ ਕੰਮ ਦਾ ਬੋਝ ਵਧ ਰਿਹਾ ਹੈ ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਹੈ। ਯੂਨੀਅਨ ਦੀ ਮੁੱਖ ਮੰਗ ਹੈ ਕਿ ਵਧਦੀ ਆਬਾਦੀ ਨੂੰ ਧਿਆਨ ਵਿੱਚ ਰੱਖਦਿਆਂ ਘੱਟੋ-ਘੱਟ 200 ਨਵੇਂ ਸੀਵਰੇਜ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇ। ਇਸ ਤੋਂ ਇਲਾਵਾ ਯੂਨੀਅਨ ਨੇ ਮੰਗ ਕੀਤੀ ਕਿ ਜੋ ਸੀਵਰੇਜ ਦੇ ਮੁਲਾਜ਼ਮ ਸੇਵਾਮੁਕਤ ਹੋ ਚੁੱਕੇ ਹਨ, ਉਨ੍ਹਾਂ ਨੂੰ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ। ਕਈ ਮੁਲਾਜ਼ਮਾਂ ਨੂੰ ਸੇਵਾਮੁਕਤ ਹੋਏ ਲੰਮਾ ਸਮਾਂ ਬੀਤ ਚੁੱਕਾ ਹੈ, ਪਰ ਪੈਨਸ਼ਨ ਤੇ ਹੋਰ ਦੇਣਯੋਗ ਰਕਮ ਅਜੇ ਤੱਕ ਅਟਕੀ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਦੀਆਂ ਹੋਰ ਮੰਗਾਂ ਵਿੱਚ ਸੀਵਰੇਜ ਕਰਮਚਾਰੀਆਂ ਨੂੰ ਐਕਟਿੰਗ ਮੈਟ ਬਣਾਉਣਾ, ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਵਾਧਾ ਕਰਨਾ ਅਤੇ ਕਰਮਚਾਰੀਆਂ ਲਈ ਹਾਜ਼ਰੀ ਪੁਆਇੰਟ ਦੀ ਵਿਵਸਥਾ ਕਰਨਾ ਸ਼ਾਮਲ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਦੀ ਅਤੇ ਗਰਮੀ ਦੇ ਮੌਸਮ ਵਿੱਚ ਖੁੱਲ੍ਹੇ ਮੈਦਾਨਾਂ ਵਿੱਚ ਹਾਜ਼ਰੀ ਲਗਾਉਣ ਕਾਰਨ ਮੁਲਾਜ਼ਮਾਂ ਨੂੰ ਕਾਫ਼ੀ ਦਿੱਕਤਾਂ ਆਉਂਦੀਆਂ ਹਨ, ਇਸ ਲਈ ਢੁੱਕਵੇਂ ਹਾਜ਼ਰੀ ਪੁਆਇੰਟ ਬਣਾਏ ਜਾਣ ਬਹੁਤ ਜ਼ਰੂਰੀ ਹਨ। ਇਸਦੇ ਨਾਲ ਹੀ ਕੱਚੇ ਕਰਮਚਾਰੀਆਂ ਲਈ ਜਲਦੀ ਤੋਂ ਜਲਦੀ ਵਰਦੀਆਂ ਮਨਜ਼ੂਰ ਕਰਕੇ ਉਪਲਬਧ ਕਰਵਾਉਣ ਤੇ ਸੀਵਰੇਜ ਵਿਭਾਗ ਵਿੱਚ ਖਾਲੀ ਪਏ ਅਹੁਦਿਆਂ ਨੂੰ ਤੁਰੰਤ ਭਰਨ ਦੀ ਮੰਗ ਵੀ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਸੁਰੱਖਿਆ ਤੇ ਪਛਾਣ ਦੇ ਨਜ਼ਰੀਏ ਤੋਂ ਵਰਦੀਆਂ ਬਹੁਤ ਲਾਜ਼ਮੀ ਹਨ, ਪਰ ਇਹ ਮੰਗ ਵੀ ਕਾਫ਼ੀ ਸਮੇਂ ਤੋਂ ਅਣਡਿੱਠੀ ਕੀਤੀ ਜਾ ਰਹੀ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਧਰਨਾ-ਪ੍ਰਦਰਸ਼ਨ, ਗੇਟ ਰੈਲੀਆਂ, ਰੋਸ ਮੁਜ਼ਾਹਰੇ ਅਤੇ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ। ਇੱਥੋਂ ਤਕ ਕਿ ਮੋਟਰਾਂ ਬੰਦ ਕਰਨ ਵਰਗਾ ਕਰੜਾ ਕਦਮ ਵੀ ਚੁੱਕਿਆ ਜਾ ਸਕਦਾ ਹੈ। ਯੂਨੀਅਨ ਨੇ ਸਪਸ਼ਟ ਕੀਤਾ ਕਿ ਇਸ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਨਗਰ ਨਿਗਮ ਬਠਿੰਡਾ, ਸੀਵਰੇਜ ਬੋਰਡ ਤੇ ਪ੍ਰਸ਼ਾਸਨ ਦੀ ਹੋਵੇਗੀ।