ਬਾਬਾ ਦੀਪ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਸਮਾਗਮ
ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਤਖ਼ਤ ਸਾਹਿਬ ’ਚ ਗੂੰਜੇ ਗੁਰਬਾਣੀ ਦੇ ਜਾਪ
Publish Date: Wed, 28 Jan 2026 05:58 PM (IST)
Updated Date: Thu, 29 Jan 2026 04:05 AM (IST)
-ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤ ਨੇ ਕੀਤਾ ਗੁਰਬਾਣੀ ਦਾ ਜਾਪ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ
ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਦੇ ਸ਼ੁਭ ਅਵਸਰ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਭਾਗ ਲੈ ਕੇ ਗੁਰੂਘਰ ਵਿੱਚ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਨਾਲ ਹੋਈ। ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਕਥਾਵਾਚਕਾਂ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ, ਸ਼ਹਾਦਤ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਅਦੁੱਤੀ ਯੋਗਦਾਨ ’ਤੇ ਵਿਸਥਾਰ ਨਾਲ ਚਾਨਣ ਪਾਇਆ। ਉਨ੍ਹਾਂ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸਦੀਵ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲ ਕੇ ਹੀ ਸੱਚੇ ਅਰਥਾਂ ਵਿੱਚ ਗੁਰਸਿੱਖ ਬਣਿਆ ਜਾ ਸਕਦਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਨੇ ਧਰਮ ਅਤੇ ਕੌਮ ਦੀ ਰੱਖਿਆ ਲਈ ਆਪਣਾ ਸੀਸ ਭੇਟ ਕਰਕੇ ਅਮਰ ਇਤਿਹਾਸ ਰਚਿਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰਮਤਿ ਮਰਯਾਦਾ ਅਨੁਸਾਰ ਜੀਵਨ ਬਿਤਾਉਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਜਿਸ ਵਿਚ ਹਜ਼ਾਰਾਂ ਸੰਗਤਾਂ ਨੇ ਸੇਵਾ ਭਾਵ ਨਾਲ ਭਾਗ ਲਿਆ। ਪ੍ਰਬੰਧਕਾਂ ਵੱਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਉਣ ਦਾ ਸੰਕਲਪ ਦੁਹਰਾਇਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ,ਬਲਜੀਤ ਸਿੰਘ, ਸਭ-ਆਫਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ ਹੀਰੇ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਹਾਜ਼ਰ ਸਨ।