- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਵਿਚ ਲਗਾਇਆ ਬਾਲ ਮੇਲਾ

ਧਰਮਪਾਲ ਸਿੰਘ, ਪੰਜਾਬੀ ਜਾਗਰਣ. ਸੰਗਤ ਮੰਡੀ
ਬਠਿੰਡਾ–ਡੱਬਵਾਲੀ ਰਾਸ਼ਟਰੀ ਮਾਰਗ ’ਤੇ ਸਥਿਤ ਸੰਗਤ ਕੈਂਚੀਆਂ ਵਿਖੇ ਚੱਲ ਰਹੇ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰਤਾ ਦਿਵਸ ਨੂੰ ਸਮਰਪਿਤ ਬਾਲ ਮੇਲਾ ਲਗਾਇਆ ਗਿਆ। ਇਹ ਮੇਲਾ ਸਿੱਖਿਆ ਅਤੇ ਮਨੋਰੰਜਨ ਦਾ ਸੁੰਦਰ ਸੁਮੇਲ ਬਣ ਕੇ ਵਿਦਿਆਰਥੀਆਂ, ਮਾਪਿਆਂ ਅਤੇ ਇਲਾਕੇ ਵਾਸੀਆਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਵਰਿੰਦਰ ਕੌਰ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਇਸ ਬਾਲ ਮੇਲੇ ਲਈ ਸਾਰਿਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਸੀ। ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ-ਨਾਲ ਹੋਰ ਸਕੂਲਾਂ ਦੇ ਬੱਚੇ, ਉਨ੍ਹਾਂ ਦੇ ਮਾਤਾ-ਪਿਤਾ ਤੇ ਆਮ ਲੋਕ ਵੀ ਵੱਡੀ ਗਿਣਤੀ ਵਿੱਚ ਮੇਲੇ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਬਾਲ ਮੇਲਾ ਬੱਚਿਆਂ ਦੇ ਸਮੂਹਿਕ ਵਿਕਾਸ ਵੱਲ ਸਕੂਲ ਦਾ ਇੱਕ ਸਾਰਥਕ ਉਪਰਾਲਾ ਹੈ ਕਿਉਂਕਿ ਆਧੁਨਿਕ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰਹਿ ਸਕਦੀ। ਇਸ ਸੋਚ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਰੋਬੋਟਿਕਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਆਧਾਰਿਤ ਵਰਕਿੰਗ ਮਾਡਲ ਪੇਸ਼ ਕੀਤੇ, ਜਿਨ੍ਹਾਂ ਨੇ ਦਰਸ਼ਕਾਂ ਦੀ ਖਾਸ ਦਿਲਚਸਪੀ ਹਾਸਲ ਕੀਤੀ। ਮੇਲੇ ਦੌਰਾਨ ਕਿਸਮਤ ਅਜਮਾਉਣ ਲਈ ਲੱਕੀ ਡਰਾਅ ਖਾਸ ਆਕਰਸ਼ਣ ਦਾ ਕੇਂਦਰ ਰਿਹਾ। ਦੁਪਹਿਰ 1.30 ਵਜੇ ਨਤੀਜੇ ਕੱਢੇ ਗਏ, ਜਿਸ ਵਿਚ ਕੁੱਲ 10 ਇਨਾਮ ਦਿੱਤੇ ਗਏ। ਜੇਤੂਆਂ ਨੂੰ ਸਕੂਲ ਦੀ ਡਾਇਰੈਕਟਰ ਵਰਿੰਦਰ ਕੌਰ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੇ ਝੂਲਿਆਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਸੀ, ਜਿਸ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ। ਊਠ ਦੀ ਸਵਾਰੀ ਮੇਲੇ ਦੀ ਖਾਸ ਖਿੱਚ ਰਹੀ। ਖਾਣ-ਪੀਣ ਲਈ ਵੱਖ-ਵੱਖ ਪ੍ਰਕਾਰ ਦੀਆਂ ਸਟਾਲਾਂ ਲਗਾਈਆਂ ਗਈਆਂ, ਜਿੱਥੇ ਆਏ ਹੋਏ ਲੋਕਾਂ ਨੇ ਚਟਪਟੇ ਪਕਵਾਨਾਂ ਦਾ ਆਨੰਦ ਲਿਆ। ਸਟੇਸ਼ਨਰੀ, ਹੱਥੀਂ ਬਣੇ ਸਮਾਨ, ਸੂਟਾਂ ਅਤੇ ਜਵੈਲਰੀ ਦੀਆਂ ਸਟਾਲਾਂ ਨੇ ਵੀ ਖੂਬ ਰੌਣਕ ਪਾਈ। ਸਕੂਲ ਦੇ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਸੈਲਫੀ ਪੁਆਇੰਟ ਵੀ ਵਿਸ਼ੇਸ਼ ਆਕਰਸ਼ਣ ਬਣੇ ਰਹੇ, ਜਿੱਥੇ ਬੱਚਿਆਂ ਅਤੇ ਮਾਪਿਆਂ ਨੇ ਯਾਦਗਾਰ ਤਸਵੀਰਾਂ ਖਿੱਚਵਾਈਆਂ। ਮੇਲੇ ਦੀ ਰੌਣਕ ਨੂੰ ਹੋਰ ਵਧਾਉਣ ਲਈ ਸੰਗੀਤ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ, ਜਿਸ ’ਤੇ ਬੱਚਿਆਂ ਅਤੇ ਨੌਜਵਾਨਾਂ ਨੇ ਡਾਂਸ ਕਰਕੇ ਭਰਪੂਰ ਮਨੋਰੰਜਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜੀਐਸ ਢਿੱਲੋਂ ਨੇ ਮੇਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਡਾਇਰੈਕਟਰ ਵਰਿੰਦਰ ਕੌਰ ਅਤੇ ਪ੍ਰਿੰਸੀਪਲ ਸਰਬਜੀਤ ਕੌਰ ਵੱਲੋਂ ਸਾਰਿਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਸਕੂਲ ਸਟਾਫ਼, ਅਧਿਆਪਕਾਂ, ਡਰਾਈਵਰਾਂ ਅਤੇ ਸਹਾਇਕ ਕਰਮਚਾਰੀਆਂ ਦਾ ਮੇਲੇ ਦੇ ਸੁਚੱਜੇ ਪ੍ਰਬੰਧ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।