ਯੁਵਕ ਸੇਵਾਵਾਂ ਵਿਭਾਗ ਕਰੇਗਾ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ : ਡੀਸੀ
ਯੁਵਕ ਸੇਵਾਵਾਂ ਵਿਭਾਗ ਵੱਲੋਂ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਹੋਵੇਗੀ ਸਮੀਖਿਆ : ਡਿਪਟੀ ਕਮਿਸ਼ਨਰ
Publish Date: Wed, 28 Jan 2026 08:19 PM (IST)
Updated Date: Thu, 29 Jan 2026 04:13 AM (IST)
-ਸਰਗਰਮ ਯੂਥ ਕਲੱਬਾਂ ਨੂੰ ਕੀਤਾ ਜਾਵੇਗਾ ਵਧੇਰੇ ਉਤਸ਼ਾਹਿਤ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਲਾਗੂ ਕੀਤੀ ਗਈ ਯੂਥ ਕਲੱਬ ਪਾਲਿਸੀ–2025 ਨਾਲ ਜ਼ਿਲ੍ਹੇ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ ਅਤੇ ਸਰਗਰਮ ਕਲੱਬਾਂ ਨੂੰ ਵਧੇਰੇ ਉਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਂ ਪਾਲਿਸੀ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਮਾਜਕ, ਖੇਡ ਅਤੇ ਸੇਵਾ-ਭਾਵਨਾ ਗਤੀਵਿਧੀਆਂ ਨਾਲ ਜੋੜਨਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ–2025 ਤਹਿਤ ਜ਼ਿਲ੍ਹੇ ਦੇ ਯੁਵਕ ਸੇਵਾਵਾਂ ਵਿਭਾਗ ਨਾਲ ਐਫੀਲੀਏਟਡ ਸਾਰੇ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ 21 ਜਨਵਰੀ 2026 ਨੂੰ ਅਖਬਾਰਾਂ ਰਾਹੀਂ ਜਨਤਕ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਅਨੁਸਾਰ ਗੈਰ-ਸਰਗਰਮ ਯੂਥ ਕਲੱਬਾਂ ਦੀ ਐਫੀਲੀਏਸ਼ਨ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਧੀਮਾਨ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਨੂੰ ਆਪਣੀ ਪਿਛਲੇ ਤਿੰਨ ਸਾਲਾਂ (2023-24, 2024-25 ਅਤੇ 2025-26) ਦੀ ਕਾਰਗੁਜ਼ਾਰੀ ਦਾ ਪੂਰਾ ਵੇਰਵਾ ਸਬੂਤਾਂ ਸਮੇਤ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਇਹ ਰਿਪੋਰਟ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰਬਰ 303–ਸੀ ਅਤੇ 304–ਡੀ, ਦੂਜੀ ਮੰਜ਼ਿਲ, ਡੀਏਸੀ ਕੰਪਲੈਕਸ, ਬਠਿੰਡਾ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਈ ਜਾਣੀ ਲਾਜ਼ਮੀ ਹੈ। ਇਸ ਮੌਕੇ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਇਸ ਸਮੇਂ ਯੁਵਕ ਸੇਵਾਵਾਂ ਵਿਭਾਗ ਨਾਲ ਕੁੱਲ 510 ਯੂਥ ਕਲੱਬ ਐਫੀਲੀਏਟਡ ਹਨ, ਪਰ ਇਨ੍ਹਾਂ ਵਿੱਚੋਂ ਕਈ ਕਲੱਬਾਂ ਦੀ ਕਾਰਗੁਜ਼ਾਰੀ ਸੰਤੋਖਜਨਕ ਨਹੀਂ ਪਾਈ ਗਈ। ਉਨ੍ਹਾਂ ਸਪਸ਼ਟ ਕੀਤਾ ਕਿ ਨਿਰਧਾਰਿਤ ਸਮੇਂ ਅੰਦਰ ਕਾਰਗੁਜ਼ਾਰੀ ਰਿਪੋਰਟ ਜਮ੍ਹਾਂ ਨਾ ਕਰਵਾਉਣ ਵਾਲੇ ਯੂਥ ਕਲੱਬਾਂ ਨੂੰ ਗੈਰ-ਸਰਗਰਮ ਮੰਨਿਆ ਜਾਵੇਗਾ ਅਤੇ ਉਨ੍ਹਾਂ ਦੀ ਐਫੀਲੀਏਸ਼ਨ ਰੱਦ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੰਤ ਵਿਚ ਕਿਹਾ ਕਿ ਨਵੀਂ ਯੂਥ ਕਲੱਬ ਪਾਲਿਸੀ–2025 ਨਾਲ ਸਰਗਰਮ ਅਤੇ ਇਮਾਨਦਾਰ ਤਰੀਕੇ ਨਾਲ ਕੰਮ ਕਰਨ ਵਾਲੇ ਯੂਥ ਕਲੱਬਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਦੀ ਭਾਗੀਦਾਰੀ ਨਾਲ ਸਮਾਜਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।